ਫ਼ਤਹਿਗੜ੍ਹ ਸਾਹਿਬ, 2 ਅਪ੍ਰੈਲ (ਬਲਜਿੰਦਰ ਸਿੰਘ)-ਚੰਡੀਗੜ੍ਹ ਸਥਿਤ ਭਾਜਪਾ ਪੰਜਾਬ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਬੰਬ ਧਮਾਕੇ ਦੀ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਕਾਰਵਾਈ ਪੰਜਾਬ ਦੇ ਅਮਨਮਈ ਮਾਹੌਲ ਨੂੰ ਲਾਂਬੂ ਲਾਉਣ ਵਾਲੀ ਹੈ, ਜਿਸ ਨੂੰ ਭਾਜਪਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਅਮਨ ਕਾਨੂੰਨ ਵਿਵਸਥਾ ਡਾਵਾਂਡੋਲ ਹੈ, ਕਿਉਂਕਿ ਪੰਜਾਬ ਵਿਚ ਗੈਂਗਸਟਰ ਵਾਦ ਸਿਖ਼ਰਾਂ 'ਤੇ ਹੈ ਅਤੇ ਨਿੱਤ ਦਿਨ ਵਾਪਰਦੀਆਂ ਕਤਲੋਗਾਰਤ ਦੀਆਂ ਘਟਨਾਵਾਂ ਇਸ ਦੀ ਪ੍ਰਤੱਖ ਉਦਾਹਰਨ ਹਨ, ਪਰ ਭਾਜਪਾ ਫ਼ਿਰਕਾਪ੍ਰਸਤ ਲੋਕਾਂ ਨੂੰ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਲਾਂਬੂ ਨਹੀਂ ਲਾਉਣ ਦੇਵੇਗੀ | ਡਾ. ਹਰਬੰਸ ਲਾਲ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੇ ਰਾਜ ਵਿਚ ਘੁੱਟਣ ਮਹਿਸੂਸ ਕਰ ਰਿਹਾ ਹੈ ਅਤੇ ਪੰਜਾਬ ਦੇ ਲੋਕ 'ਆਪ' ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਲੁੱਟਿਆ ਮਹਿਸੂਸ ਕਰ ਰਹੇ ਹਨ | ਡਾ. ਹਰਬੰਸ ਲਾਲ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਪੰਜਾਬ ਸਰਕਾਰ ਫ਼ੌਰੀ ਤੌਰ 'ਤੇ ਇਨ੍ਹਾਂ ਤਾਕਤਾਂ ਨੂੰ ਨੰਗਾ ਕਰੇ ਅਤੇ ਜਿਹੜੇ ਵੀ ਲੋਕ ਇਸ ਕਾਂਡ ਵਿਚ ਸ਼ਾਮਿਲ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |