12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਬਾਹਰ ਸੜਕ 'ਤੇ ਲਾਸ਼ ਰੱਖ ਕੇ ਮਿ੍ਤਕਾ ਦੇ ਪਰਿਵਾਰ ਨੇ ਕੀਤਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 08-04-2026
ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਅਮਲੋਹ ਬਲਾਕ ਦੇ ਪਿੰਡ ਭੱਦਲਥੂਹਾ ਵਿਚ ਬੀਤੀ 2 ਅਪ੍ਰੈਲ ਨੂੰ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦੇ ਸਹੁਰਾ ਪਰਿਵਾਰ 'ਤੇ ਕਤਲ ਦਾ ਦੋਸ਼ ਲਗਾਉਂਦੇ ਹੋਏ ਅੱਜ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਮੁੱਖ ਸੜਕ 'ਤੇ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਨਸਾਫ਼ ਦੀ ਮੰਗ ਕੀਤੀ ਗਈ | ਮਿ੍ਤਕਾ ਦੇ ਭਰਾ ਕਰਮਜੀਤ ਸਿੰਘ ਵਾਸੀ ਮਦੀਨਪੁਰ ਜ਼ਿਲ੍ਹਾ ਲੁਧਿਆਣਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੁਪਿੰਦਰ ਕੌਰ ਦਾ ਵਿਆਹ 14 ਸਾਲ ਪਹਿਲਾਂ ਭੱਦਲਥੂਹਾ ਵਿਚ ਪਵਿੱਤਰ ਸਿੰਘ ਨਾਲ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ 2 ਅਪ੍ਰੈਲ ਨੂੰ ਫ਼ੋਨ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਰੁਪਿੰਦਰ ਨੂੰ ਦਿਲ ਦਾ ਦੌਰਾ ਪਿਆ ਹੈ | ਹਾਲਾਂਕਿ ਜਦੋਂ ਉਹ ਪਿੰਡ ਪਹੁੰਚੇ ਤਾਂ ਉਸ ਦੇ ਸਹੁਰਿਆਂ ਨੇ ਦੱਸਿਆ ਕਿ ਰੁਪਿੰਦਰ ਕੌਰ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ | ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਧੀ ਕਦੇ ਵੀ ਖ਼ੁਦਕੁਸ਼ੀ ਨਹੀਂ ਕਰ ਸਕਦੀ | ਉਨ੍ਹਾਂ ਦੋਸ਼ ਲਗਾਇਆ ਕਿ ਉਸ ਦਾ ਗਲ਼ਾ ਘੁੱਟ ਕੇ ਕਤਲ ਕੀਤਾ ਗਿਆ ਹੈ | ਵਿਰੋਧ ਪ੍ਰਦਰਸ਼ਨ ਦੌਰਾਨ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ 'ਤੇ ਗੰਭੀਰ ਸਵਾਲ ਵੀ ਉਠਾਏ | ਦੱਸਣਯੋਗ ਹੈ ਕਿ ਉਕਤ ਮਾਮਲੇ ਨੂੰ ਲੈ ਕੇ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਵਲੋਂ ਇਸ ਤੋਂ ਪਹਿਲਾਂ 4 ਅਪ੍ਰੈਲ ਨੂੰ ਅਮਲੋਹ ਥਾਣੇ ਅੱਗੇ ਧਰਨਾ ਦਿੱਤਾ ਗਿਆ ਸੀ, ਉਸ ਸਮੇਂ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪਰਿਵਾਰ ਨੇ ਕਿਹਾ ਕਿ ਇਨ੍ਹਾਂ ਭਰੋਸਿਆਂ ਦੇ ਬਾਵਜੂਦ, ਪੁਲਿਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਅੱਜ ਆਪਣੀ ਧੀ ਦੀ ਲਾਸ਼ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਸੜਕ 'ਤੇ ਰੱਖ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ | ਪੀੜਤ ਪਰਿਵਾਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ |
ਜ਼ਿਲ੍ਹਾ ਪੁਲਿਸ ਪੁਲਿਸ ਨੇ ਸਿੱਟ ਦਾ ਕੀਤਾ ਗਠਨ
ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕਰਨ ਲਈ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ ਕੁਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਅਮਲੋਹ ਪੁਲਿਸ ਨੇ ਮਿ੍ਤਕਾ ਦੇ ਪਰਿਵਾਰ ਦੇ ਬਿਆਨਾਂ ਤਹਿਤ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਨ੍ਹਾਂ ਵਿਚ ਮਿ੍ਤਕਾ ਦਾ ਪਤੀ ਪਵਿੱਤਰ ਸਿੰਘ, ਸਹੁਰਾ ਮੋਹਨ ਸਿੰਘ, ਜੀਜਾ ਰਾਮ ਸਿੰਘ ਅਤੇ ਭਰਜਾਈ ਸੀਮਾ ਸ਼ਾਮਲ ਹਨ | ਉਨ੍ਹਾਂ ਪੁਸ਼ਟੀ ਕੀਤੀ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਮਿ੍ਤਕਾ ਦੇ ਪਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦੋਂਕਿ ਦੂਜੇ ਮੁਲਜ਼ਮਾਂ ਦੀ ਭਾਲ ਜਾਰੀ ਹੈ | ਪਰਿਵਾਰ ਵਲੋਂ ਮੈਡੀਕਲ ਰਿਪੋਰਟ ਅਤੇ ਹੁਣ ਤੱਕ ਦੀ ਪੁਲਿਸ ਜਾਂਚ ਤੋਂ ਅਸੰਤੁਸ਼ਟੀ ਪ੍ਰਗਟ ਕਰਨ ਤੋਂ ਬਾਅਦ, ਪਰਿਵਾਰਕ ਮੈਂਬਰਾਂ ਅਤੇ ਮੁਹਤਬਰਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨਾਲ ਮਿਲਾਇਆ ਗਿਆ | ਜਿਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕਰ ਦਿੱਤਾ ਹੈ | ਇਸ ਟੀਮ ਵਿਚ ਕਪਤਾਨ ਪੁਲਿਸ (ਜਾਂਚ), ਡੀ.ਐਸ.ਪੀ ਅਤੇ ਸੀ.ਆਈ. ਏ ਸਟਾਫ਼ ਸਰਹਿੰਦ ਦੇ ਇੰਚਾਰਜ ਸ਼ਾਮਿਲ ਹਨ | ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਦੀ ਪੜਤਾਲ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਬਹਿਲੋਲਪੁਰ ਦੀ ਸੜਕ ਅਤੇ ਪੁਲ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਬੇਅਦਬੀਆਂ ਸੰਬੰਧੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਸ਼੍ਰੋਮਣੀ ਕਮੇਟੀ, ਸਿੱਖ ਸੰਸਥਾਵਾਂ ਤੇ ਵਿਦਵਾਨਾਂ ਦੀ ਰਾਇ ਪ੍ਰਾ...
Ad Position 24