ਖਮਾਣੋਂ, 7 ਅਪ੍ਰੈਲ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਨਾਲ ਮੁਲਾਕਾਤ ਕੀਤੀ | ਇਸ ਮੌਕੇ ਰਾਮਗੜ੍ਹ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਜੁੜੇ ਅਹਿਮ ਮੁੱਦਿਆਂ ਅਤੇ ਹੋਰ ਰਾਜਨੀਤਿਕ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਰਾਜਾ ਬੜਿੰਗ ਨੂੰ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਇਸ ਦੌਰਾਨ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਬੜਿੰਗ ਨੇ ਰਾਮਗੜ੍ਹ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਬਸੀ ਪਠਾਣਾਂ, ਸਰਹਿੰਦ ਅਤੇ ਅਮਲੋਹ ਦੇ ਮੁੱਦਿਆਂ ਨੂੰ ਪਾਰਟੀ ਪੱਧਰ 'ਤੇ ਪੂਰੀ ਤਰ੍ਹਾਂ ਉਠਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ ਖਮਾਣੋਂ ਅਤੇ ਨੰਬਰਦਾਰ ਨੱਥੂ ਰਾਮ ਜ਼ਿਲ੍ਹਾ ਮੀਤ ਪ੍ਰਧਾਨ ਵੀ ਹਾਜ਼ਰ ਸਨ |