ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਹਿਮ ਮੀਟਿੰਗ ਸੂਬਾ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਇਸ ਮੌਕੇ ਗੁਰਮੀਤ ਸਿੰਘ ਰੁੜਕੀ ਸੂਬਾ ਵਰਕਿੰਗ ਕਮੇਟੀ ਮੈਂਬਰ, ਬਹਾਦਰ ਸਿੰਘ ਖੋਜੇ ਮਾਜਰਾ ਜ਼ਿਲ੍ਹਾ ਪ੍ਰਧਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਭਾਕਿਯੂ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਤੇ ਮਸਲਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਕਿਸਾਨਾਂ ਨੂੰ ਸੁਸਾਇਟੀਆਂ 'ਚੋਂ ਖਾਦ ਲੈਣ ਸਮੇਂ ਆ ਰਹੀਆਂ ਸਮੱਸਿਆਵਾਂ ਦੀ ਗੱਲ ਕੀਤੀ | ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਖੇਤੀ ਮੋਟਰਾਂ ਦੇ ਕਨੈੱਕਸ਼ਨ ਬੰਦ ਕੀਤੇ ਹੋਏ ਹਨ, ਲੋੜਵੰਦ ਕਿਸਾਨਾਂ ਨੂੰ ਕਨੈੱਕਸ਼ਨ ਦੇਣੇ ਸ਼ੁਰੂ ਕੀਤੇ ਜਾਣ, ਪੰਜਾਬ ਵਿਚ ਪ੍ਰੀਪੇਡ ਮੀਟਰ ਜ਼ਬਰਦਸਤੀ ਲਗਾਉਣੇ ਬੰਦ ਕੀਤੇ ਜਾਣ, ਕਿਉਂਕਿ ਕੇਂਦਰ ਸਰਕਾਰ ਨੇ ਵੀ ਐਲਾਨ ਕੀਤਾ ਹੈ ਕਿ ਪ੍ਰੀਪੇਡ ਮੀਟਰ ਖਪਤਕਾਰ ਦੀ ਮਰਜ਼ੀ ਨਾਲ ਲਗਾਉਣੇ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨਾਲ ਹਾੜੀ ਦੀ ਫ਼ਸਲ ਕਣਕ, ਫਲ, ਸਬਜ਼ੀਆਂ, ਹਰਾ ਚਾਰਾ ਆਦਿ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ | ਸਰਕਾਰਾਂ ਦੀਆਂ ਗ਼ਲਤ ਨੀਤੀਆਂ ਨਾਲ ਕਿਸਾਨਾਂ, ਮਜ਼ਦੂਰਾਂ ਸਿਰ ਚੜਿ੍ਹਆ ਕਰਜ਼ਾ ਪਹਿਲ ਦੇ ਆਧਾਰ ਤੇ ਸੂਬਾ ਅਤੇ ਕੇਂਦਰ ਸਰਕਾਰ ਮਿਲ ਕੇ ਖ਼ਤਮ ਕਰਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਸੰਕਟ ਨੂੰ ਹੱਲ ਕਰਨ ਲਈ ਲਾਭਦਾਇਕ ਵਾਤਾਵਰਨ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕੀਤੀ ਜਾਵੇ | ਇਸ ਮੌਕੇ 'ਤੇ ਨਿਰਭੈ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਪਰਮਿੰਦਰ ਸਿੰਘ, ਦਲਵੀਰ ਸਿੰਘ ਸਾਨੀਪੁਰ ਬਲਾਕ ਪ੍ਰਧਾਨ ਸਰਹਿੰਦ, ਹਰਪ੍ਰੀਤ ਸਿੰਘ ਜੱਲ੍ਹਾ ਬਲਾਕ ਜਨਰਲ ਸਕੱਤਰ ਸਮੇਤ ਵੱਖ-ਵੱਖ ਬਲਾਕਾਂ ਤੋਂ ਕਿਸਾਨ ਹਾਜ਼ਰ ਸਨ |