ਮੰਡੀ ਗੋਬਿੰਦਗੜ੍ਹ, 7 ਅਪ੍ਰੈਲ (ਇਕਬਾਲਦੀਪ ਸੰਧੂ)-ਭਾਜਪਾ ਦੇ ਸੀਨੀਅਰ ਆਗੂ ਸੰਦੀਪ ਬੱਲ ਨੇ ਮੁੱਖ ਮੰਤਰੀ 'ਤੇ ਬਿਜਲੀ ਦੇ ਮੁੱਦੇ 'ਤੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾੳਾੁਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਝੂਠ ਬੋਲਣ ਵਾਲੇ ਸਿਆਸਤਦਾਨਾਂ ਨੂੰ ਮੂੰਹ ਨਹੀਂ ਲਗਾਉਣਗੇ | ਜੇਕਰ ਮੁੱਖ ਮੰਤਰੀ ਦੇ ਦਾਅਵੇ ਸੱਚ ਹਨ, ਤਾਂ ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. 'ਤੇ ਚਾਰ ਸਾਲਾਂ ਦਾ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਅਦਾਰੇ ਦੇ ਮੁਨਾਫ਼ੇ ਅਤੇ ਖ਼ਰਚਿਆਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ | ਬੱਲ ਨੇ ਪੀ.ਐਸ.ਪੀ.ਸੀ.ਐਲ. ਦੀ ਅਸਲ ਸਥਿਤੀ ਬਾਰੇ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੀ.ਐਸ.ਪੀ.ਸੀ.ਐਲ. ਨੂੰ ਮੁਫ਼ਤ ਬਿਜਲੀ ਦੇ ਬਾਵਜੂਦ ਲਾਭਦਾਇਕ ਉੱਦਮ ਦੱਸਿਆ ਹੈ, ਜਦੋਂ ਕਿ ਸੱਚਾਈ ਕੁਝ ਹੋਰ ਹੈ | ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਹੀ ਇਕੱਲੇ 4700 ਕਰੋੜ ਰੁਪਏ ਦਾ ਨੁਕਸਾਨ ਕੀਤਾ ਹੈ | ਇਸ ਦਾ ਕੁੱਲ ਘਾਟਾ ਲਗਪਗ 4800 ਕਰੋੜ ਰੁਪਏ ਦਾ ਹੈ | ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਯੋਜਨਾ ਦਾ ਭੁਗਤਾਨ ਅਸਲ ਵਿਚ ਸਰਕਾਰੀ ਖ਼ਜ਼ਾਨੇ 'ਚੋਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਚਾਰ ਸਾਲਾਂ ਵਿਚ ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਵਿਚ ਅਸਫਲ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚੇ ਹਨ, ਤਾਂ ਉਨ੍ਹਾਂ ਨੂੰ ਪਿਛਲੇ ਚਾਰ ਸਾਲਾਂ ਦੇ ਬਿਜਲੀ ਉਤਪਾਦਨ, ਖ਼ਰਚੇ ਅਤੇ ਮਾਲੀਏ ਦੇ ਅੰਕੜੇ ਪੰਜਾਬ ਦੇ ਲੋਕਾਂ ਸਾਹਮਣੇ ਪੇਸ਼ ਕਰਨੇ ਚਾਹੀਦੇ ਹਨ |