ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਾਰਸ਼ਾਂ ਤੇ ਗੜੇਮਾਰੀ ਕਾਰਨ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਫ਼ਸਲਾਂ ਦੇ ਹੋਏ ਵੱਡੇ ਨੁਕਸਾਨ ਦੀ ਭਰਪਾਈ ਕਰਨ ਲਈ ਪੰਜਾਬ ਸਰਕਾਰ ਪਾਸੋਂ ਤੁਰੰਤ ਗਿਰਦਾਵਰੀਆਂ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ | ਸ. ਮਾਨ ਨੇ ਕਿਹਾ ਕਿ ਬੀਤੇ ਕੁਝ ਦਿਨ ਪਹਿਲਾਂ ਬਠਿੰਡਾ, ਮਾਨਸਾ, ਮੋਗਾ, ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ ਆਦਿ ਜ਼ਿਲਿ੍ਹਆਂ ਵਿਚ ਬਾਰਸ਼ਾਂ ਤੇ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਕਣਕ ਦੀ ਫ਼ਸਲ ਅਤੇ ਸਬਜ਼ੀਆਂ ਦਾ ਵੱਡਾ ਨੁਕਸਾਨ ਹੋਇਆ ਹੈ | ਕਿਉਂਕਿ ਇਸ ਵੇਲੇ ਖੇਤਾਂ ਵਿਚ ਕਣਕ ਦੀ ਫ਼ਸਲ ਪੱਕ ਕੇ ਵਾਢੀ ਲਈ ਤਿਆਰ ਹੋ ਚੁੱਕੀ ਹੈ, ਪਰ ਕੁਦਰਤੀ ਕਰੋਪੀ ਕਾਰਨ ਫ਼ਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਜਿਸ ਕਾਰਨ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਮਾਲੀ ਨੁਕਸਾਨ ਹੋਣ ਦੇ ਨਾਲ-ਨਾਲ ਦਿਮਾਗ਼ੀ ਤੌਰ 'ਤੇ ਵੀ ਵੱਡਾ ਨੁਕਸਾਨ ਝੱਲਣਾ ਪਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਤੋਂ ਮੰਗ ਕਰਦਾ ਹੈ ਕਿ ਇਸ ਗੰਭੀਰ ਵਿਸ਼ੇ 'ਤੇ ਪੀੜਤ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀਆਂ ਕਰਵਾ ਕੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ |