ਜਖਵਾਲੀ, 9 ਅਪ੍ਰੈਲ (ਨਿਰਭੈ ਸਿੰਘ)-ਮਾਰਕੀਟ ਕਮੇਟੀ ਚਨਾਰਥਲ ਮੰਡੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕਰਨ ਸਬੰਧੀ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਚੇਅਰਮੈਨ ਰਾਜਾ ਨੇ ਦੱਸਿਆ ਕਿ ਸਾਰੀਆਂ ਮੰਡੀਆਂ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ, ਉਸ ਦੇ ਲਈ ਅਗਾੳਾੂ ਪ੍ਰਬੰਧ ਕੀਤੇ ਜਾ ਚੁੱਕੇ ਹਨ | ਪੀਣ ਵਾਲੇ ਪਾਣੀ ਤੋਂ ਲੈ ਕੇ ਹੋਰ ਜ਼ਰੂਰਤਾਂ ਦੀ ਪੂਰਤੀ ਲਈ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਬਾਰਿਸ਼ ਕਰਕੇ ਫ਼ਸਲ ਦਾ ਨੁਕਸਾਨ ਹੋਇਆ ਹੈ, ਜਿਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਿਰਦਾਵਰੀ ਦੇ ਹੁਕਮ ਕਰ ਦਿੱਤੇ ਹਨ, ਜੇਕਰ ਕਿਸੇ ਵੀ ਪਿੰਡ ਵਿਚ ਕਿਸੇ ਕਿਸਾਨ ਦਾ ਕੁਦਰਤ ਦੀ ਕਰੋਪੀ ਕਰਕੇ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਉਸ ਸੰਬੰਧਿਤ ਅਧਿਕਾਰੀਆਂ ਨਾਲ ਜਾਂ ਮਾਰਕੀਟ ਕਮੇਟੀ ਦਫ਼ਤਰ ਚਨਾਰਥਲ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਪੰਜਾਬ ਸਰਕਾਰ ਨੂੰ ਦਿੱਤੀ ਜਾਂਦੀ ਰਕਮ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚ ਆ ਗਈ ਹੈ ਅਤੇ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 24 ਘੰਟੇ ਵਿਚ ਖ਼ਰੀਦ ਕੀਤੀ ਗਈ ਫ਼ਸਲ ਦਾ ਭੁਗਤਾਨ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਨਿਯਮਾਂ ਮੁਤਾਬਿਕ ਨਵੀਂ ਦੀ ਮਾਤਰਾ ਅਤੇ ਸੁੱਕੀ ਫ਼ਸਲ ਹੀ ਮੰਡੀ ਵਿਚ ਲਿਆਂਦੀ ਜਾਵੇ ਤਾਂ ਜੋ ਨਾਲ ਦੀ ਨਾਲ ਫ਼ਸਲ ਦੀ ਖ਼ਰੀਦ ਕੀਤੀ ਜਾ ਸਕੇ |