ਪਟਿਆਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸੂਬੇ ਭਰ 'ਚ ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ ਵਿੱਤੀ ਸਹਾਇਤਾ ਵਜੋਂ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਤੇ ਸੂਬੇ ਦੀ ਆਰਥਿਕਤਾ ਇਸ 'ਤੇ ਨਿਰਭਰ ਕਰਦੀ ਹੈ | ਪਹਿਲਾਂ ਹੀ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੇ ਘੱਟ ਝਾੜ ਦਾ ਨੁਕਸਾਨ ਝੱਲਣਾ ਪਿਆ ਸੀ, ਜਿਸ ਨਾਲ ਕਿਸਾਨਾਂ ਦੀ ਕਮਰ ਟੁੱਟ ਚੁੱਕੀ ਹੈ | ਹੁਣ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਣਕ ਦੀ ਫ਼ਸਲ ਨੂੰ ਵੀ ਖ਼ਤਰੇ 'ਚ ਪਾ ਦਿੱਤਾ ਹੈ | ਸ. ਰੱਖੜਾ ਨੇ ਕਿਹਾ ਕਿ ਭਾਵੇਂ ਖੇਤੀਬਾੜੀ ਮੰਤਰੀ ਵਲੋਂ ਕੁਝ ਜ਼ਿਲਿ੍ਹਆਂ ਵਿਚ ਨੁਕਸਾਨ ਦਾ ਜਾਇਜ਼ਾ ਕਰਕੇ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਪਰ ਇਹ ਆਫ਼ਤ ਸਿਰਫ ਕੁਝ ਇਲਾਕਿਆਂ ਤੱਕ ਸੀਮਿਤ ਨਹੀਂ ਰਹੀ | ਇਸ ਲਈ ਸਰਕਾਰ ਨੂੰ ਸੂਬੇ ਭਰ ਵਿਚ ਨੁਕਸਾਨ ਦਾ ਵਿਸਥਾਰਪੂਰਵਕ ਮੁਲਾਂਕਣ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਦੀ ਫ਼ਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਕੇ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਰਥਿਕ ਰਾਹਤ ਮਿਲ ਸਕੇ ਅਤੇ ਖੇਤੀ ਪ੍ਰਣਾਲੀ ਨੂੰ ਸੰਭਾਲਿਆ ਜਾ ਸਕੇ |