ਖਮਾਣੋਂ, 11 ਅਪ੍ਰੈਲ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੇ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਨੇ ਦੱਸਿਆ ਕਿ ਦਾਣਾ ਮੰਡੀ ਖਮਾਣੋਂ ਵਿਖੇ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਅੰਤਾਂ ਦੇ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਆੜ੍ਹਤੀਆਂ ਦੀ ਹੜਤਾਲ ਕਾਰਨ ਦਾਣਾ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ ਪਰ ਹੁਣ ਦਾਣਾ ਮੰਡੀ ਖਮਾਣੋਂ ਵਿਖੇ ਕਣਕ ਦੀ ਫ਼ਸਲ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ ਅਤੇ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਵਲੋਂ ਕੋਈ ਵੀ ਖ਼ਰੀਦ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਪਹਿਲਾਂ ਹੀ ਸਾਹ ਸੂਤੇ ਪਏ ਹਨ ਪਰ ਦੂਜੇ ਪਾਸੇ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਰਹੀ ਅਤੇ ਪੰਜਾਬ ਸਰਕਾਰ ਦੇ ਦਾਅਵੇ ਬਿਲਕੁਲ ਖੋਖਲੇ ਸਾਬਤ ਤੋਂ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਕਣਕ ਦੀ ਖ਼ਰੀਦ ਨਾ ਸ਼ੁਰੂ ਹੋਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਸ ਦੇ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰੇਗੀ |