ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਚ ਪੰਜਵਾਂ ਡਿਗਰੀ ਵੰਡ ਸਮਾਗਮ ਉਤਸ਼ਾਹ ਅਤੇ ਅਕਾਦਮਿਕ ਸ਼ਾਨ ਨਾਲ ਕਰਵਾਇਆ ਗਿਆ | ਇਸ ਸਮਾਗਮ 'ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੀ ਗਈ | ਜਿਸ ਦੌਰਾਨ 674 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਇਨ੍ਹਾਂ 'ਚੋਂ 32 ਵਿਦਿਆਰਥੀਆਂ ਨੇ ਪੀ.ਐਚ.ਡੀ, 616 ਨੇ ਪੋਸਟ ਗ੍ਰੈਜੂਏਟ ਤੇ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕੀਤੀਆਂ ਅਤੇ 27 ਵਿਦਿਆਰਥੀਆਂ ਨੂੰ ਸੋਨੇ ਦੇ ਤਗਮੇ ਪ੍ਰਦਾਨ ਕੀਤੇ ਗਏ | ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਪਰਿਤਪਾਲ ਸਿੰਘ ਨੇ ਮੁੱਖ ਮਹਿਮਾਨ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਯੂਨੀਵਰਸਿਟੀ ਦੀਆਂ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕੀਤੀ | ਪੋ੍ਰਗਰਾਮ ਦੀ ਸ਼ੁਰੂਆਤ ਯੂਨੀਵਰਸਿਟੀ ਧੁਨੀ ਤੇ ਰਾਸ਼ਟਰੀ ਗੀਤ ਨਾਲ ਹੋਈ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਡਿਗਰੀ ਪ੍ਰਾਪਤ ਕਰਨਾ ਖ਼ੁਸ਼ੀ ਅਤੇ ਸਨਮਾਨ ਦੀ ਗੱਲ ਹੈ | ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਵਿਦਿਆਰਥੀ ਆਪਣੇ ਟੀਚਿਆਂ ਵੱਲ ਵੱਧਦੇ ਹਨ | ਉਨ੍ਹਾਂ ਕਿਹਾ ਕਿ ਸਫਲਤਾ ਲਈ ਸਖ਼ਤ ਮਿਹਨਤ ਜ਼ਰੂਰੀ ਹੈ ਅਤੇ ਸਫਲਤਾ ਲਈ ਸਵੈ-ਨਿਰਭਰਤਾ ਦੀ ਲੋੜ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ 'ਤੇ ਸਥਾਪਿਤ ਯੂਨੀਵਰਸਿਟੀ ਨੇ ਵਿੱਦਿਆ ਦੇ ਖੇਤਰ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਲ ਕਰਕੇ ਅੱਜ ਆਪਣੀ ਵਿਲੱਖਣ ਪਛਾਣ ਕਾਇਮ ਕੀਤੀ ਹੈ ਅਤੇ ਵਿਦਿਆਰਥੀਆਂ ਨੂੰ ਕਦੇ ਵੀ ਅਜਿਹਾ ਕੋਈ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਯੂਨੀਵਰਸਿਟੀ ਦੇ ਅਕਸ ਨੂੰ ਢਾਹ ਲੱਗੇ | ਰਾਜਪਾਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੋਂ ਇਲਾਵਾ ਮਾਪੇ ਵੀ ਡਿਗਰੀ ਪ੍ਰਾਪਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਕਿਉਂਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਆਪਣੀ ਸਾਰੀ ਜ਼ਿੰਦਗੀ ਅਣਥੱਕ ਮਿਹਨਤ ਕਰਦੇ ਹਨ | ਇਸ ਤੋਂ ਇਲਾਵਾ ਅਧਿਆਪਕਾਂ ਦੀ ਭੂਮਿਕਾ ਵੀ ਮਹੱਤਵਪੂਰਨ ਹੈ, ਕਿਉਂਕਿ ਉਹ ਹਮੇਸ਼ਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਵਿਦਿਆਰਥੀ ਜ਼ਿੰਦਗੀ ਵਿਚ ਸਫਲ ਹੋਣ | ਸ੍ਰੀ ਕਟਾਰੀਆ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਦਿਆਰਥੀਆਂ ਨੂੰ ਸਿੱਖ ਗੁਰੂ ਸਾਹਿਬਾਨ ਦੀ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਦਾ ਸੰਦੇਸ਼ ਦਿੱਤਾ | ਯੂਨੀਵਰਸਿਟੀ ਦੇ ਚਾਂਸਲਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦਿਆਰਥੀਆਂ ਲਈ ਮਹਾਨ ਸ਼ਹੀਦਾਂ ਦੀ ਧਰਤੀ 'ਤੇ ਬਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕਰਨਾ ਮਾਣ ਵਾਲੀ ਗੱਲ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਇਕਾਗਰਤਾ ਅਤੇ ਇਮਾਨਦਾਰੀ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਅਣਥੱਕ ਯਤਨ ਕਰਨ ਲਈ ਉਤਸ਼ਾਹਿਤ ਕੀਤਾ | ਇਸ ਡਿਗਰੀ ਵੰਡ ਸਮਾਰੋਹ ਵਿਚ ਟਰੱਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਬੀਬੀ ਹਰਜਿੰਦਰ ਕੌਰ, ਸਿੰਡੀਕੇਟ ਮੈਂਬਰ ਜਗਬੀਰ ਸਿੰਘ ਸੋਖੀ, ਸੈਨੇਟ ਮੈਂਬਰ ਡਾ. ਗੁਰਮੋਹਨ ਸਿੰਘ ਵਾਲੀਆ, ਜਸਮੇਰ ਸਿੰਘ ਲਾਛੜੂ, ਬਲਦੇਵ ਸਿੰਘ, ਭਾਈ ਅਵਤਾਰ ਸਿੰਘ ਰਿਆ ਮੈਂਬਰਾਨ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪਿ੍ੰਸੀਪਲ ਡਾ. ਲਖਵੀਰ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਡਾ. ਤੇਜਬੀਰ ਸਿੰਘ, ਡੀਨ ਰਿਸਰਚ ਡਾ. ਨਵਦੀਪ ਕੌਰ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਆਈਕਿਊਏਸੀ ਡਾਇਰੈਕਟਰ ਡਾ. ਅੰਕਦੀਪ ਕੌਰ ਅਟਵਾਲ, ਡੀਨ ਅਲੂਮਨੀ ਡਾ. ਸਰਪ੍ਰੀਤ ਸਿੰਘ, ਡਾ. ਹਰਦੇਵ ਸਿੰਘ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਫੈਕਲਟੀ ਮੈਂਬਰਾਂ ਸਮੇਤ ਅਕਾਦਮਿਕ ਆਗੂ ਹਾਜ਼ਰ ਸਨ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਹਰਦੇਵ ਸਿੰਘ ਨੇ ਬਾਖ਼ੂਬੀ ਨਿਭਾਈ | ਅੰਤ ਵਿਚ ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ ਨੇ ਮੁੱਖ ਮਹਿਮਾਨ ਸਮੇਤ ਮਹਿਮਾਨਾਂ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |