ਮੰਡੀ ਗੋਬਿੰਦਗੜ੍ਹ, 12 ਅਪ੍ਰੈਲ (ਇਕਬਾਲਦੀਪ ਸੰਧੂ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਕਾਰਜਕਾਰੀ ਕਮੇਟੀ ਦੇ ਮੈਂਬਰ ਪ੍ਰਦੀਪ ਗਰਗ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੇ ਉੱਘੇ ਉਦਯੋਗਪਤੀਆਂ ਦੇ ਇਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਮੀਟਿੰਗ ਦੌਰਾਨ ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ ਵੀ ਮੌਜੂਦ ਸਨ | ਮੀਟਿੰਗ ਵਿਚ ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਨੂੰ ਦਰਪੇਸ਼ ਮੁੱਦਿਆਂ, ਖ਼ਾਸ ਕਰਕੇ ਜੀ.ਐਸ.ਟੀ. ਨਾਲ ਸੰਬੰਧਿਤ ਮੁੱਦਿਆਂ ਨੂੰ ਮੁੱਖ ਮੰਤਰੀ ਨਾਲ ਉਠਾਉਣਾ ਅਤੇ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਆਉਣ ਦਾ ਸੱਦਾ ਦੇਣਾ ਸੀ | ਵਫ਼ਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਵੇਲੇ ਮੰਡੀ ਗੋਬਿਦਗੜ੍ਹ ਲੋਹਾ ਇਡਸਟਰੀ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਜਿਨ੍ਹਾਂ ਨੂੰ ਕੇਂਦਰ ਅਤੇ ਰਾਜ ਪੱਧਰ 'ਤੇ ਤਰਜੀਹੀ ਆਧਾਰ 'ਤੇ ਹੱਲ ਕਰਨ ਦੀ ਲੋੜ ਹੈ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਮੰਡੀ ਗੋਬਿੰਦਗੜ੍ਹ ਦਾ ਦੌਰਾ ਕਰਨਗੇ | ਉਨ੍ਹਾਂ ਕਿਹਾ ਕਿ ਕਿਉਂਕਿ ਉਹ ਖੁਦ ਜੀ.ਐਸ.ਟੀ. ਕੌਂਸਲ ਟੀਮ ਦੇ ਮੈਂਬਰ ਹਨ, ਇਸ ਲਈ ਉਹ ਇਨ੍ਹਾਂ ਮੁੱਦਿਆਂ ਦੀ ਡੂੰਘਾਈ ਨੂੰ ਸਮਝਦੇ ਹਨ ਅਤੇ ਜਲਦੀ ਤੋਂ ਜਲਦੀ ਢੁਕਵੇਂ ਹੱਲ ਲੱਭਣ ਲਈ ਵਚਨਬੱਧ ਹਨ | ਮੁੱਖ ਮੰਤਰੀ ਨੇ ਵਫ਼ਦ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਉਦਯੋਗ ਦੀਆਂ ਚਿੰਤਾਵਾਂ ਨੂੰ ਮੌਕੇ 'ਤੇ ਹੀ ਹੱਲ ਕਰਨ ਲਈ ਇੱਕ ਦੌਰਾ ਤਹਿ ਕਰਨਗੇ | ਇਸ ਵਿਸ਼ੇਸ਼ ਮੀਟਿੰਗ ਵਿਚ ਫਰਨੇਸ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਸੁਭਾਸ਼ ਬਾਂਸਲ, ਐਸ.ਐਸ. ਸਟੀਲ ਦੇ ਸੁਭਾਸ਼ ਸਿੰਗਲਾ, ਡੱਬਵਾਲੀ ਸਟੀਲ ਦੇ ਪੁਨੀਤ ਗਰਗ, ਸੂਬਾ ਭਾਜਪਾ ਕਾਰਜਕਾਰਨੀ ਮੈਂਬਰ ਪੰਡਿਤ ਦੇਵੀ ਦਿਆਲ ਪਰਾਸ਼ਰ ਅਤੇ ਸ਼ੈਲਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰਾਕੇਸ਼ ਗਰਗ , ਭਰਤ ਗਰਗ ਅਤੇ ਰਾਘਵ ਗਰਗ ਵੀ ਸ਼ਾਮਿਲ ਹੋਏ | ਇਸ ਮੌਕੇ ਸਾਰੇ ਪ੍ਰਤੀਨਿਧੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਦਿੱਤੇ ਗਏ ਸਕਾਰਾਤਮਿਕ ਭਰੋਸੇ 'ਤੇ ਸੰਤੁਸ਼ਟੀ ਪ੍ਰਗਟ ਕੀਤੀ |