ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇ ਮਾਜਰਾ ਨੇ ਦੋਸ਼ ਲਗਾਇਆ ਕਿ ਦਾਣਾ ਮੰਡੀਆਂ ਵਿਖੇ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਜਿੱਥੇ ਕਿਸਾਨ ਅੰਤਾਂ ਦੇ ਪ੍ਰੇਸ਼ਾਨ ਹਨ, ਉੱਥੇ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੇ ਕੀਤੇ ਜਾ ਰਹੇ ਦਾਅਵੇ ਕੇਵਲ ਅਖ਼ਬਾਰੀ ਬਿਆਨ ਤੇ ਖੋਖਲੇ ਸਾਬਤ ਹੋ ਰਹੇ ਹਨ | ਉਨ੍ਹਾਂ ਅੱਗੇ ਦੱਸਿਆ ਕਿ ਸਰਹਿੰਦ ਦਾਣਾ ਮੰਡੀ ਵਿਚ ਕਣਕ ਦੀ ਖ਼ਰੀਦ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋ ਸਕੀ ਜਦੋਂਕਿ ਹੁਣ ਦਾਣਾ ਮੰਡੀ ਵਿਖੇ ਕਣਕ ਦੀ ਫ਼ਸਲ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ, ਇਹ ਵੀ ਦੱਸਿਆ ਕਿ ਜੋ ਕਣਕ ਦੀ ਫ਼ਸਲ ਦੀ ਕੱਲ੍ਹ ਬੋਲੀ ਹੋਈ ਸੀ, ਉਹ ਸਾਰੀ ਰੱਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਪਹਿਲਾਂ ਹੀ ਸਾਹ ਸੂਤੇ ਪਏ ਹਨ ਪਰ ਦੂਜੇ ਪਾਸੇ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਕਣਕ ਦੀ ਖ਼ਰੀਦ ਨਾ ਸ਼ੁਰੂ ਹੋਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਸ ਦੇ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇ ਮਾਜਰਾ, ਬੇਅੰਤ ਸਿੰਘ ਸੌਂਢਾ, ਇਕਬਾਲ ਸਿੰਘ ਗੋਪਾਲੋਂ, ਸੁੱਚਾ ਸਿੰਘ ਸੌਂਢਾ ਅਤੇ ਕੁਲਦੀਪ ਸਿੰਘ ਹਾਜ਼ਰ ਸਨ |