ਅਮਲੋਹ, 12 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ)-ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਵਿਸ਼ੇਸ਼ ਯਤਨਾਂ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਪਿੰਡ ਸ਼ੇਰਗੜ੍ਹ ਦੇ ਸ਼ਮਸ਼ਾਨ ਘਾਟ ਵਿਚ ਸ਼ੈੱਡ ਦੀ ਉਸਾਰੀ ਲਈ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ 3 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ | ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਵਚਨਬੱਧ ਰਹੀ ਹੈ ਅਤੇ ਇਸ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਦਾ ਬਿਨਾਂ ਕਿਸੇ ਪੱਖਪਾਤ ਦੇ ਸਰਬਪੱਖੀ ਵਿਕਾਸ ਹੋਇਆ ਹੈ | ਉਨ੍ਹਾਂ ਅੱਗੇ ਕਿਹਾ ਕਿ ਅਜੋਕੀ ਸਰਕਾਰ ਸਿਰਫ਼ ਦਿਖਾਵਿਆਂ ਦੀ ਰਾਜਨੀਤੀ ਕਰ ਰਹੀ ਹੈ, ਜਦੋਂ ਕਿ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ | ਇਸ ਮੌਕੇ ਕਾਕਾ ਰਣਦੀਪ ਸਿੰਘ ਨਾਭਾ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ 'ਆਪ' ਸਰਕਾਰ ਵਿਕਾਸ ਕਰਨ ਦੀ ਥਾਂ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਗੰੁਮਰਾਹ ਕਰ ਰਹੀ ਹੈ ਤੇ ਇਸ ਸਰਕਾਰ ਨੇ ਪਿਛਲੀਆਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਲਾਰੇ-ਲੱਪਿਆਂ ਨਾਲ ਪੰਜ ਸਾਲ ਦਾ ਸਮਾਂ ਲੰਘਾ ਦਿੱਤਾ ਹੈ ਅਤੇ ਹੁਣ ਅੰਤਿਮ ਸਾਲ ਵਿਚ ਆ ਕੇ ਮੁੜ ਲੋਕਾਂ ਨੂੰ ਝੂਠੇ ਸੁਪਨੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ | ਨਾਭਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਪਾਰਟੀ ਦੇ ਰਾਜ ਵਿਚ ਪੰਜਾਬ ਦੇ ਸ਼ੋਸ਼ਣ ਨੂੰ ਨੇੜਿਉਂ ਦੇਖ ਲਿਆ ਹੈ ਅਤੇ ਹੁਣ ਲੋਕ ਮੁੜ ਇਨ੍ਹਾਂ 'ਤੇ ਭਰੋਸਾ ਨਹੀਂ ਕਰਨਗੇ | ਸਮਾਗਮ ਵਿਚ ਪਿੰਡ ਵਾਸੀਆਂ ਵਲੋਂ ਗਰਾਂਟ ਲਈ ਐਮ.ਪੀ ਡਾ. ਅਮਰ ਸਿੰਘ ਅਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਜਗਜੀਤ ਸਿੰਘ ਜੱਗਾ ਪੰਚ, ਗਗਨਪ੍ਰੀਤ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਹਰਪ੍ਰੀਤ ਸਿੰਘ ਗੁਰਧਨਪੁਰ, ਗੁਰਪ੍ਰੀਤ ਸਿੰਘ ਗਰੇਵਾਲ, ਬਿੱਕਰ ਸਿੰਘ ਦੀਵਾ, ਹਰਜਿੰਦਰ ਸਿੰਘ ਟਿੰਕਾ, ਗੁਰਮੀਤ ਸਿੰਘ ਟਿੱਬੀ, ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਤੇ ਇਲਾਕਾ ਨਿਵਾਸੀ ਹਾਜ਼ਰ ਸਨ |