ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਹੰਸਾਲੀ ਸਾਹਿਬ ਖੇੜਾ ਵਿਖੇ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਦੀ ਦੇਖ ਰੇਖ ਹੇਠ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਕੀਰਤਨ ਦਰਬਾਰ ਸਜਾਇਆ ਗਿਆ | ਸੰਤ ਬਾਬਾ ਪਰਮਜੀਤ ਸਿੰਘ ਨੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖ ਦੇ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਸਿੱਖ ਇਤਿਹਾਸ ਦਾ ਇਕ ਮਹੱਤਵਪੂਰਨ ਦਿਹਾੜਾ ਹੈ, ਜੋ ਖਾਲਸਾ ਪੰਥ ਦੀ ਸਥਾਪਨਾ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਇਸ ਦਿਨ ਗੁਰੂ ਸਾਹਿਬ ਦੁਆਰਾ ਪੰਜ ਪਿਆਰਿਆਂ ਨੂੰ ਅੰਮਿ੍ਤ ਸੰਚਾਰ ਕਰਵਾ, ਜਾਤ-ਪਾਤ ਰਹਿਤ ਸਮਾਜ ਦੀ ਨੀਂਹ ਰੱਖੀ ਗਈ | ਇਹ ਸਿੱਖਾਂ ਲਈ ਗੌਰਵਮਈ ਦਿਨ ਹੈ, ਜੋ ਵਿਸਾਖੀ 'ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਸਮੂਹ ਸੰਗਤਾਂ ਨੂੰ ਜਿੱਥੇ ਆਪਣੇ ਬੱਚਿਆਂ ਨੂੰ ਸਿੱਖ ਕੌਮ ਦੇ ਗੋਰਵਮਈ ਇਤਿਹਾਸ ਬਾਰੇ ਸਮਝਾਉਣ ਲਈ ਕਿਹਾ ਉੱਥੇ ਉਨ੍ਹਾਂ ਨੇ ਗੁਰੂਆਂ ਦੇ ਪਵਿੱਤਰ ਦਿਹਾੜੇ ਮਨਾਉਣ ਲਈ ਵੀ ਪ੍ਰੇਰਿਤ ਕੀਤਾ |