ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਬਲਜਿੰਦਰ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਸਮਾਜ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਦੇ ਦਫ਼ਤਰ ਚੁੰਨ੍ਹੀ ਕਲਾਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਡਾ. ਅੰਬੇਡਕਰ ਜੀ ਦੀ ਤਸਵੀਰ ਨੂੰ ਫੁੱਲਾਂ ਦੇ ਹਾਰ ਪਹਿਨਾ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ ਅਤੇ ਸਮਾਜ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ | ਸਮਾਗਮ ਵਿਚ ਵੱਖ-ਵੱਖ ਸਮਾਜਿਕ, ਸਿਆਸੀ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ | ਇਸ ਮੌਕੇ ਸ. ਚੁੰਨ੍ਹੀ ਨੇ ਡਾ. ਅੰਬੇਡਕਰ ਦੇ ਜੀਵਨ, ਸਮਾਜਿਕ ਸੁਧਾਰਾਂ ਅਤੇ ਭਾਰਤੀ ਸੰਵਿਧਾਨ ਦੀ ਰਚਨਾ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਸ. ਚੁੰਨ੍ਹੀ ਨੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਸਮਾਜ ਵਿਚ ਬਰਾਬਰੀ ਤੇ ਨਿਆਂ ਸਥਾਪਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਡਾ.ਅੰਬੇਡਕਰ ਜੀ ਨੇ ਸੰਵਿਧਾਨ ਦੀ ਰਚਨਾ ਕਰਕੇ ਸਮਾਨਤਾ, ਸੁਤੰਤਰਤਾ ਅਤੇ ਨਿਆਂ ਦੀ ਮਜ਼ਬੂਤ ਨੀਂਹ ਰੱਖੀ | ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਮਲ ਵਿਚ ਲਿਆ ਕੇ ਸੰਵਿਧਾਨ ਦੀ ਹਿਫ਼ਾਜ਼ਤ ਅਤੇ ਸਤਿਕਾਰ ਕਰਨਾ ਚਾਹੀਦਾ ਹੈ | ਚੁੰਨੀ ਨੇ ਕਿਹਾ ਕਿ ਡਾ. ਅੰਬੇਦਕਰ ਜੀ ਨੇ ਸਿੱਖਿਆ ਨੂੰ ਸਮਾਜਿਕ ਮੁਕਤੀ ਦਾ ਸਾਧਨ ਮੰਨਿਆ, ਜਾਤੀ ਪ੍ਰਥਾ ਦੇ ਵਿਰੁੱਧ ਸੰਘਰਸ਼ ਕੀਤਾ, ਔਰਤਾਂ ਅਤੇ ਮਜ਼ਦੂਰਾਂ ਦੇ ਅਧਿਕਾਰਾਂ ਦੀ ਵਕਾਲਤ ਕੀਤੀ | ਇਸ ਮੌਕੇ ਸਾਬਕਾ ਸਰਪੰਚ ਮਲਕੀਤ ਸਿੰਘ ਨਰੈਣਾ, ਗੁਰਦੀਪ ਸਿੰਘ ਰਾਮਪੁਰ, ਅਜੈਬ ਸਿੰਘ ਬਡਾਲੀ ਮਾਈ ਕੀ, ਗੋਬਿੰਦ ਸਿੰਘ ਚੁੰਨੀ, ਸਾਬਕਾ ਸਰਪੰਚ ਰਣਧੀਰ ਸਿੰਘ ਝਾਮਪੁਰ, ਸਰਬਜੀਤ ਸਿੰਘ ਛੋਟਾ ਵੀ ਹਾਜ਼ਰ ਸਨ |