ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ | ਉਨ੍ਹਾਂ ਇਸ ਮੌਕੇ ਫ਼ਸਲ ਦੀ ਤੁਲਾਈ ਸਬੰਧੀ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਏਜੰਸੀਆਂ ਨੂੰ ਖ਼ਰੀਦੀ ਕਣਕ ਦੀ ਨਾਲੋਂ-ਨਾਲ ਲਿਫ਼ਟਿੰਗ ਕਰਵਾਉਣ ਦੀ ਹਦਾਇਤ ਕੀਤੀ | ਐਸ.ਡੀ.ਐਮ. ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੰਡੀਆਂ ਵਿਚ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਸੂਬਾ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਜ਼ਿਆਦਾ ਦੇਰ ਨਾ ਬੈਠਣਾ ਪਵੇ | ਉਨ੍ਹਾਂ ਦੱਸਿਆ ਕਿ ਸਰਹਿੰਦ ਮੰਡੀ ਵਿਖੇ ਖ਼ਰੀਦ ਲਗਾਤਾਰ ਜਾਰੀ ਹੈ ਅਤੇ ਲਿਫ਼ਟਿੰਗ ਵੀ ਸ਼ੁਰੂ ਹੋ ਚੁੱਕੀ ਹੈ | ਇਸ ਮੌਕੇ ਡੀ.ਐਫ.ਐਸ.ਓ. ਕੇਵਲ ਸਿੰਘ ਸਮੇਤ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ |