ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਰਾਜੇਸ਼ ਸ਼ਰਮਾ)-ਸਥਾਨਕ ਮੁਹੱਲਾ ਦਲੀਪ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਅਤੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਸੰਗਤਾਂ ਨੂੰ ਖਾਲਸੇ ਦੇ ਪ੍ਰਗਟ ਦਿਵਸ ਵੀ ਵਧਾਈ ਦਿੰਦਿਆਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਾਜਨਾ ਕਰਕੇ ਸਮਾਜ 'ਚੋਂ ਜਾਤ-ਪਾਤ, ਊਚ-ਨੀਚ ਅਤੇ ਭੇਦ-ਭਾਵ ਦੇ ਵਿਤਕਰੇ ਨੂੰ ਮਿਟਾ ਕੇ ਸਮੁੱਚੀ ਸਿੱਖ ਕੌਮ ਨੂੰ ਇਕ ਮਾਲਾ ਵਿਚ ਪ੍ਰੋਇਆ ਸੀ | ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦੇ ਪਵਿੱਤਰ ਦਿਹਾੜੇ ਤੋਂ ਪ੍ਰੇਰਨਾ ਲੈਂਦੇ ਹੋਏ ਸੱਚ ਤੇ ਧਰਮ ਦੇ ਮਾਰਗ 'ਤੇ ਚੱਲਦੇ ਹੋਏ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਜਬਰ ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ | ਇਸ ਸਮਾਗਮ ਦੌਰਾਨ ਵੱਖ-ਵੱਖ ਪੰਥਕ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਅਮਰਿੰਦਰ ਸਿੰਘ ਵੜੈਚ ਨੇ ਜਰਨੇਟਰ ਦੀ ਸੇਵਾ, ਫੋਰਮੈਨ ਮਨਜੀਤ ਸਿੰਘ ਨੇ ਸਾਊਾਡ ਸੈੱਟ, ਫੋਰਮੈਨ ਜਸਪਾਲ ਸਿੰਘ ਨੇ ਰਸੋਈ ਦੀ ਸੇਵਾ, ਗੁਰਿੰਦਰ ਸਿੰਘ ਵਲੋਂ ਗੁਰੂਘਰ ਦੇ ਪ੍ਰਬੰਧਾਂ ਲਈ 10 ਹਜ਼ਾਰ ਰੁਪਏ ਦੀ ਸੇਵਾ ਕਰਕੇ ਇਨ੍ਹਾਂ ਕਾਰਜਾਂ ਵਿਚ ਆਪਣਾ ਯੋਗਦਾਨ ਪਾਇਆ ਗਿਆ | ਜਿਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |