ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ, ਜਿਵੇਂ ਕਿ ਟਕੂਏ, ਬਰਛੇ ਆਦਿ ਨੂੰ ਚੁੱਕਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ 'ਤੇ ਜਾਂ ਕਾਨੂੰਨੀ ਤੌਰ 'ਤੇ ਰੀਤੀ ਰਿਵਾਜ਼ਾਂ ਤਹਿਤ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਵਰਗੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ 'ਤੇ ਲਾਗੂ ਨਹੀਂ ਹੋਣਗੇ | ਇਸ ਤੋਂ ਇਲਾਵਾ ਜਿਨ੍ਹਾਂ ਨੰੂ ਭਾਰਤ/ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ, 'ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਇਹ ਹੁਕਮ ਜ਼ਿਲ੍ਹੇ ਵਿਚ 16 ਜੂਨ, 2026 ਤੱਕ ਲਾਗੂ ਰਹਿਣਗੇ |