ਜਖਵਾਲੀ, 19 ਅਪ੍ਰੈਲ (ਨਿਰਭੈ ਸਿੰਘ)-ਸਾਬਕਾ ਸਰਪੰਚ ਅਵਤਾਰ ਸਿੰਘ ਹੱਲੋਤਾਲੀ ਦੇ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਹਲਕੇ ਦੀ ਰਾਜਨੀਤੀ ਵਿਚ ਇਕ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਅਵਤਾਰ ਸਿੰਘ ਹੱਲੋਤਾਲੀ ਦਾ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹੱਲੋਤਾਲੀ ਵਰਗੇ ਤਜ਼ਰਬੇਕਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਦੀ ਵਾਪਸੀ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਵੱਡਾ ਲਾਭ ਹੋਵੇਗਾ | ਇਸ ਮੌਕੇ ਸਾਬਕਾ ਸਰਪੰਚ ਅਵਤਾਰ ਸਿੰਘ ਹੱਲੋਤਾਲੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਪ੍ਰਭਾਵਿਤ ਹੋ ਕੇ ਮੁੜ ਪਾਰਟੀ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਲੋਕਾਂ ਦੀ ਭਲਾਈ ਲਈ ਨਿਸ਼ਕਾਮ ਸੇਵਾ ਕਰਦੇ ਰਹਿਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਪਾਉਣਗੇ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਾਰਕਫੈਂਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਬਲਾਕ ਪ੍ਰਧਾਨ ਖਮਾਣੋਂ ਸਰਬਜੀਤ ਸਿੰਘ ਜੀਤੀ, ਬਲਾਕ ਪ੍ਰਧਾਨ ਸੰਜੀਵ ਦੱਤਾ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ, ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ, ਪਰਵਿੰਦਰ ਸਿੰਘ ਗੋਲੂ, ਡਾ. ਨਰੇਸ਼ ਚੌਹਾਨ, ਧਰਮਿੰਦਰ ਸਿੰਘ ਗੋਰਖਾ, ਰਣਜੀਤ ਸਿੰਘ ਘੋਲਾ, ਜਸਪਾਲ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |