ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਵਿਭਾਗ ਤੇ ਸਿਹਤ ਵਿਭਾਗ ਦੇ ਆਪਸੀ ਸਹਿਯੋਗ ਨਾਲ ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ, ਸਰਹਿੰਦ ਵਿਖੇ ਇਲਾਜ ਅਧੀਨ ਵਿਅਕਤੀਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਇਸ ਜਾਗਰੂਕਤਾ ਕੈਂਪ ਵਿਚ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਵਲੋਂ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਗਈ | ਸਿਵਲ ਸਰਜਨ ਨੇ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ, ਉੱਚੇ ਮਨੋਬਲ ਨਾਲ ਇਸ ਨੂੰ ਛੱਡਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਨਸ਼ਾ ਛੱਡਣ ਲਈ ਸਰਕਾਰ ਵਲੋਂ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਡਾ. ਸਰਿਤਾ ਨੇ ਕੈਂਪ ਦੌਰਾਨ ਮਾਨਸਿਕ ਰੋਗੀਆਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਸਿਹਤ ਪ੍ਰਤੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਡੀ.ਐਸ.ਐਸ.ਓ. ਜਸਵੀਰ ਕੌਰ ਵਲੋਂ ਕੇਂਦਰ 'ਚ ਦਾਖਲ ਵਿਅਕਤੀਆਂ ਨੂੰ ਟੀ ਸ਼ਰਟਾਂ ਅਤੇ ਖੇਡਾਂ ਦਾ ਸਮਾਨ ਵੰਡਿਆ ਗਿਆ | ਉਨ੍ਹਾਂ ਕਿਹਾ ਕਿ ਉਹ ਕੇਂਦਰ ਵਿਚ ਸਿਹਤ ਵਿਭਾਗ ਦੁਆਰਾ ਕਰਵਾਏ ਜਾ ਰਹੇ ਕਿੱਤਾ ਮੁਖੀ ਕੋਰਸ ਕਰਕੇ ਨਸ਼ਾ ਛੱਡਣ ਉਪਰੰਤ ਉਨ੍ਹਾਂ ਨੂੰ ਆਪੋ ਆਪਣੇ ਘਰ ਜਾ ਕੇ ਕੰਮ ਕਰਨੇ ਚਾਹੀਦੇ ਹਨ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਚਾਹੀਦਾ ਹੈ |