ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਦਰਮਿਆਨ ਹੋਏ ਗੱਠਜੋੜ ਨੂੰ ਸੂਬੇ ਦੇ ਹਿਤ ਵਿਚ ਇਕ ਮਹੱਤਵਪੂਰਨ ਕਦਮ ਦੱਸਦਿਆਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਣਵੀਰ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਨੂੰ ਦੇਖਦੇ ਹੋਏ ਇਹ ਗੱਠਜੋੜ ਸਮੇਂ ਦੀ ਲੋੜ ਸੀ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਧੜਿਆਂ ਵਿਚ ਵੰਡ ਹੋਣ ਕਾਰਨ ਪੰਥਕ ਅਤੇ ਲੋਕ ਹਿਤਾਂ ਨੂੰ ਨੁਕਸਾਨ ਪਹੁੰਚ ਰਿਹਾ ਸੀ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਸਾਂਝ ਬਣਾਈ ਗਈ ਹੈ | ਇਹ ਗੱਠਜੋੜ ਸਿਰਫ਼ ਰਾਜਨੀਤਿਕ ਨਹੀਂ, ਸਗੋਂ ਸੂਬੇ ਦੇ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਵੱਲ ਇਕ ਕਦਮ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਮੇਂ ਦੌਰਾਨ ਕਈ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਉਨ੍ਹਾਂ ਨੂੰ ਧੋਖਾ ਦਿੱਤਾ ਹੈ | ਹੁਣ ਇਹ ਗੱਠਜੋੜ ਉਨ੍ਹਾਂ ਪਾਰਟੀਆਂ ਨੂੰ ਸਖ਼ਤ ਟੱਕਰ ਦੇਵੇਗਾ ਅਤੇ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹਾ ਹੋਵੇਗਾ | ਪੂਨੀਆ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਹਿਲਾਂ ਵੀ ਕਈ ਵੱਡੇ ਫ਼ੈਸਲੇ ਕੀਤੇ ਗਏ ਹਨ, ਜਿਨ੍ਹਾਂ ਨਾਲ ਪੰਥ ਅਤੇ ਸਮਾਜ ਨੂੰ ਫ਼ਾਇਦਾ ਹੋਇਆ ਹੈ | ਇਹ ਗੱਠਜੋੜ ਵੀ ਉਨ੍ਹਾਂ ਦੀ ਦੂਰਅੰਦੇਸ਼ੀ ਦਾ ਨਤੀਜਾ ਹੈ, ਜੋ ਭਵਿੱਖ ਵਿਚ ਵੱਡੇ ਨਤੀਜੇ ਦੇਵੇਗਾ | ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਇਹ ਗੱਠਜੋੜ ਸੂਬੇ ਵਿਚ ਇਕ ਨਵੀਂ ਰਾਜਨੀਤਿਕ ਦਿਸ਼ਾ ਤੈਅ ਕਰੇਗਾ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਐਲਾਨ ਕੀਤਾ ਕਿ ਨਗਰ ਕੌਂਸਲ ਚੋਣਾਂ ਪੂਰੀ ਮਜ਼ਬੂਤੀ ਅਤੇ ਏਕਤਾ ਨਾਲ ਲੜੀਆਂ ਜਾਣਗੀਆਂ ਜਿਸ ਦੇ ਨਤੀਜੇ ਇਤਿਹਾਸਿਕ ਹੋਣਗੇ | ਅਖੀਰ ਵਿਚ ਉਨ੍ਹਾਂ ਸਾਰੇ ਵਰਗਾਂ ਨੂੰ ਇਸ ਗੱਠਜੋੜ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਬਿਹਤਰ ਦਿਸ਼ਾ ਵੱਲ ਲਿਜਾਇਆ ਜਾ ਸਕੇ | ਇਸ ਮੌਕੇ 'ਤੇ ਅਮਰਿੰਦਰ ਸਿੰਘ ਲਿਬੜਾ, ਹਰਵੇਲ ਸਿੰਘ ਮਾਧੋਪੁਰ, ਜੱਸਾ ਸਿੰਘ ਆਹਲੂਵਾਲੀਆ ਦਰਬਾਰਾ ਸਿੰਘ ਰੰਧਾਵਾ, ਬਲਤੇਜ ਸਿੰਘ ਮਹਿਦੂਦਪੁਰ, ਮਾਸਟਰ ਚਰਨਜੀਤ ਸਿੰਘ ਖਾਲਸਪੁਰ, ਅਮਰਜੀਤ ਸਿੰਘ ਮੁੰਡੀਆਂ, ਜਗਤਾਰ ਸਿੰਘ ਭੱਟੀਆਂ, ਹਰੀ ਸਿੰਘ ਚਮਕ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਗੁਰਿੰਦਰ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਨਰਿੰਦਰ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ ਸੁਹਾਗੜੀ, ਗੁਰਦੇਵ ਸਿੰਘ ਵਿਰਕ, ਅਮਰਜੀਤ ਸਿੰਘ ਬੱਡਗੁਜਰਾਂ, ਜਰਨੈਲ ਸਿੰਘ ਨਬੀਪੁਰ, ਕੇਸਰ ਸਿੰਘ, ਹਰਮੇਲ ਸਿੰਘ ਰੰਘੇੜਾ, ਰਣਜੀਤ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਅਜੀਤ ਸਿੰਘ, ਜਗਦੀਸ਼ ਸਿੰਘ, ਸੁਖਵੰਤ ਸਿੰਘ ਸਰਾਣਾ, ਕਸ਼ਮੀਰਾ ਸਿੰਘ ਖਮਾਣੋਂ, ਹਰਵੇਲ ਸਿੰਘ ਵੀ ਹਾਜ਼ਰ ਸਨ |