ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੇਵ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਸਰਵਣ ਕਰਵਾਇਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਤ ਧੰਨਾ ਜੀ ਦੁਆਰਾ ਉਚਾਰਨ ਪਾਵਨ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ | ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਨੇ ਸਾਦਗੀ, ਭਗਤੀ ਅਤੇ ਸੱਚੀ ਸ਼ਰਧਾ ਨਾਲ ਅਕਾਲ ਪੁਰਖ ਨਾਲ ਜੋੜਨ ਦਾ ਸੰਦੇਸ਼ ਦਿੱਤਾ | ਸਾਨੂੰ ਉਨ੍ਹਾਂ ਦੇ ਉਪਦੇਸ਼ ਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਵਸਾਉਣਾ ਚਾਹੀਦਾ ਹੈ | ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਸਿੱਖੀ ਤੇ ਪ੍ਰਚਾਰ ਤੇ ਪ੍ਰਸਾਰ ਤਹਿਤ ਗੁਰੂ ਸਾਹਿਬਾਨ, ਭਗਤਾਂ ਅਤੇ ਹੋਰਨਾਂ ਮਹਾਨ ਸ਼ਖਸ਼ੀਅਤਾਂ ਦਾ ਦਿਹਾੜੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ | ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਖਦੇਵ ਸਿੰਘ ਕੋਟਾਂ, ਡਾ. ਪਿ੍ਤਪਾਲ ਸਿੰਘ ਮੀਤ ਮੈਨੇਜਰ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਹਰਜੀਤ ਸਿੰਘ ਰਿਕਾਰਡ ਕੀਪਰ, ਮਾਸਟਰ ਸਤਵੰਤ ਸਿੰਘ ਕਲੌੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |