ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬਾਪੂ ਤਰਸੇਮ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਦਰਮਿਆਨ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਰਕਲ ਸਰਹਿੰਦ ਦੇ ਪ੍ਰਧਾਨ ਗੁਰਦੇਵ ਸਿੰਘ ਵਿਰਕ, ਹਰਮੇਲ ਸਿੰਘ ਸਰਕਲ ਪ੍ਰਧਾਨ ਭੱਦਲਥੂਹਾ ਅਤੇ ਮਨਜੀਤ ਸਿੰਘ ਜਥੇਬੰਦਕ ਸਕੱਤਰ ਨੇ ਕਿਹਾ ਕਿ ਇਹ ਸਾਂਝ ਆਉਣ ਵਾਲੇ ਸਮੇਂ ਵਿਚ ਪੰਥ ਅਤੇ ਪੰਜਾਬ ਲਈ ਨਵੀਆਂ ਉਮੀਦਾਂ ਤੇ ਤਰੱਕੀ ਦੀ ਰਾਹ ਖੋਲ੍ਹੇਗੀ | ਉਕਤ ਆਗੂਆਂ ਨੇ ਕਿਹਾ ਕਿ ਪੰਥ ਤੇ ਪੰਜਾਬ ਦੀ ਭਲਾਈ ਲੋਚਣ ਵਾਲੇ ਆਗੂਆਂ ਤੇ ਵਰਕਰਾਂ ਵਿਚ ਨਵੀਂ ਉਮੀਦ ਜਾਗੀ ਹੈ, ਕਿਉਂਕਿ ਪੰਜਾਬ ਦੀ ਸੱਤਾ 'ਤੇ ਸ਼ਾਸਨ ਕਰਨ ਵਾਲੀਆਂ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਭਖ਼ਦੇ ਮਸਲਿਆਂ ਨੂੰ ਪਿੱਛੇ ਸੁੱਟ ਕੇ ਆਪਣੇ ਨਿੱਜੀ ਮੁਫਾਦਾਂ ਨੂੰ ਮੋਹਰੀ ਰੱਖਿਆ ਹੈ | ਜਦੋਂਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕਰੇਗਾ ਅਤੇ ਲੰਮੇ ਸਮੇਂ ਤੋਂ ਲਟਕਦੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਹੱਲ ਵੱਲ ਲੈ ਕੇ ਜਾਣ ਵਿਚ ਮੋਹਰੀ ਰੋਲ ਅਦਾ ਕਰੇਗਾ | ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਦਰਮਿਆਨ ਹੋਏ ਗੱਠਜੋੜ ਤੋਂ ਬਾਅਦ ਪੰਜਾਬ ਦੀ ਸੱਤਾ 'ਤੇ ਰਾਜ ਕਰਨ ਦੇ ਸੁਪਨੇ ਲੈਣ ਵਾਲੀਆਂ ਹੋਰਨਾਂ ਸਿਆਸੀ ਪਾਰਟੀਆਂ ਦੀ ਨੀਂਦ ਉੱਡ ਗਈ ਹੈ, ਕਿਉਂਕਿ ਉਹ ਹੁਣ ਤੱਕ ਲੋਕਾਂ ਨੂੰ ਗੁਮਰਾਹ ਕਰਕੇ ਹੀ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਆ ਰਹੇ ਹਨ, ਜੋ ਹੁਣ ਸੰਭਵ ਨਹੀਂ ਹੋ ਸਕੇਗਾ |