ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਬਲਾਕ ਪੱਧਰ 'ਤੇ ਯੂਥ ਵਿੰਗ ਦੀਆਂ ਬਣਾਈਆਂ ਜਾ ਰਹੀਆਂ 21 ਮੈਂਬਰੀ ਕਮੇਟੀਆਂ ਦੇ ਗਠਨ ਨੂੰ ਲੈ ਕੇ ਬਲਾਕਾਂ ਦੇ ਪ੍ਰਧਾਨਾਂ ਨਾਲ ਮੀਟਿੰਗਾਂ ਕਰਕੇ ਸਰਗਰਮ ਨੌਜਵਾਨ ਵਰਕਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਾਰਟੀ ਲਈ ਵਫ਼ਾਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਸਰਗਰਮ ਨੌਜਵਾਨਾਂ ਨੂੰ ਇਨ੍ਹਾਂ ਕਮੇਟੀਆਂ ਵਿਚ ਯੋਗ ਥਾਂ ਦਿੱਤੀ ਜਾ ਸਕੇ | ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਦੀ ਅਗਵਾਈ ਹੇਠ ਬਲਾਕ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਦਲਜੀਤ ਵਿਰਕ ਦੇ ਦਫ਼ਤਰ ਵਿਖੇ ਕੀਤੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਆਮ ਆਦਮੀ ਪਾਰਟੀ ਨਾਲ ਜੁੜਨ ਨੂੰ ਲੈ ਕੇ ਬਹੁਤ ਉਤਸ਼ਾਹ ਹੈ, ਜਿਸ ਦੇ ਨਤੀਜੇ ਵਜੋਂ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਇਤਿਹਾਸਿਕ ਜਿੱਤ ਦਰਜ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਨੇ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਵਲੋਂ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਸਰਗਰਮ ਆਗੂਆਂ ਸਦਕਾ ਹੀ ਪਾਰਟੀ ਦਾ ਗਰਾਫ਼ ਵਧਿਆ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੇਠਲੇ ਪੱਧਰ 'ਤੇ ਹੱਲ ਹੋ ਰਿਹਾ ਹੈ | ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਦਲਜੀਤ ਵਿਰਕ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਜੇ ਗਰਗ ਵੀ ਸ਼ਾਮਿਲ ਸਨ |