ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਬਲਾਕ ਖੇੜਾ ਦੇ ਅਧੀਨ ਆਉਂਦੇ ਪਿੰਡ ਬਰਾਸ ਤੋਂ ਸਿੰਧੜਾ ਨੂੰ ਜਾਂਦੀ 2.20 ਕਿਲੋਮੀਟਰ ਲੰਮੀ ਸੜਕ 'ਤੇ 39 ਲੱਖ ਰੁਪਏ ਦੀ ਲਾਗਤ ਦੇ ਨਾਲ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਮੌਕੇ ਵਿਧਾਇਕ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਵਚਨਬੱਧ ਹੈ | ਜਿੱਥੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਕੰਮ ਕੀਤਾ ਜਾ ਰਿਹਾ ਹੈ, ਉੱਥੇ ਹੀ ਸੜਕਾਂ ਦੀ ਵੀ ਨੁਹਾਰ ਬਦਲੀ ਜਾ ਰਹੀ ਹੈ | ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਬਹੁਤ ਸਾਰੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਚੱਲ ਰਿਹਾ ਹੈ, ਜਿਹੜਾ ਕੰਮ ਬਾਕੀ ਹੈ, ਉਸ ਨੂੰ ਵੀ ਜਲਦ ਪੂਰਾ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਬਰਾਸ ਤੋਂ ਸਿੰਧੜਾ ਨੂੰ ਜਾਂਦੀ 2.2 ਕਿਲੋਮੀਟਰ ਲੰਮੀ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਉਕਤ ਕਾਰਜ ਨੂੰ ਪੂਰਾ ਕਰਨ ਦੇ ਲਈ 30.22 ਲੱਖ ਰੁਪਏ ਦੀ ਲਾਗਤ ਆ ਰਹੀ ਹੈ, ਜਦਕਿ 8.91 ਲੱਖ ਰੁਪਏ 5 ਸਾਲਾਂ ਦੀ ਮੈਂਟੀਨੈਸ ਦੇ ਲਈ ਰੱਖੇ ਗਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਿੰਦਰ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ, ਤੇਜੀ, ਗੌਰਵ ਅਰੋੜਾ, ਗੁਰਨੈਬ ਸਿੰਘ, ਗੁਰਪ੍ਰੀਤ ਸਿੰਘ, ਅਮਨਿੰਦਰ ਸਿੰਘ ਅਤੇ ਅਮਨਦੀਪ ਸਿੰਘ ਆਦਿ ਵੀ ਹਾਜ਼ਰ ਸਨ |