ਫ਼ਤਹਿਗੜ੍ਹ ਸਾਹਿਬ, 23 ਅਪ੍ਰੈਲ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਤੇ ਸਿਹਤ, ਖ਼ੁਰਾਕ ਤੇ ਜੱਚਾ-ਬੱਚਾ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ਲਗਾਏ ਗਏ ਇਸ ਵਿਸ਼ੇਸ਼ ਕੈਂਪ ਦੌਰਾਨ ਸਿਵਲ ਸਰਜਨ ਨੇ ਗਰਭਵਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜੱਚਾ-ਬੱਚਾ ਸਿਹਤ ਸਹੂਲਤਾਂ ਬਿਲਕੁਲ ਮੁਫ਼ਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਇਆ ਜਾਵੇ | ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ. ਕੇਡੀ ਸਿੰਘ ਨੇ ਵੀ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਦੀਆਂ ਸਹੂਲਤਾਂ ਦਾ ਫ਼ਾਇਦਾ ਲੈਣ ਲਈ ਪ੍ਰੇਰਿਤ ਕਰਦਿਆਂ ਆਪਣਾ ਜਣੇਪਾ ਸਰਕਾਰੀ ਸੰਸਥਾ ਵਿਚ ਕਰਵਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ਵਿਚ ਸਰਕਾਰ ਵਲੋਂ ਪ੍ਰੈਗਨੈਂਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟਰਾਸਾੳਾੂਡ ਵੀ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ 'ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ | ਇਸ ਮੌਕੇ 'ਤੇ ਔਰਤ ਰੋਗਾਂ ਦੇ ਮਾਹਿਰ ਡਾ. ਗਗਨ, ਡਾ. ਪੁਨੀਤ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ ਅਤੇ ਜਰਨੈਲ ਕੌਰ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਗਰਭਵਤੀ ਔਰਤਾਂ ਹਾਜ਼ਰ ਸਨ |