ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਅੱਜ ਆਦਰਸ਼ ਨਗਰ ਤੇ ਗੋਲਡਨ ਸਿਟੀ ਸਰਹਿੰਦ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਭੁੱਟਾ ਨੇ ਕਿਹਾ ਕਿ ਭਾਵੇਂ ਦੇਸ਼ ਨੂੰ ਆਜ਼ਾਦ ਹੋਇਆਂ 80 ਸਾਲ ਹੋਣ ਵਾਲੇ ਹਨ ਪਰ ਸ਼ਹਿਰੀ ਖੇਤਰ ਦੇ ਨਾਗਰਿਕ ਹੁਣ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ | ਉਨ੍ਹਾਂ ਕਿਹਾ ਕਿ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਹੀ ਵਰਤਿਆ ਹੈ ਪਰ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵੱਲ ਕਿਸੇ ਦਾ ਧਿਆਨ ਨਹੀਂ ਗਿਆ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੱਚੇ ਸਿਪਾਹੀ ਵਾਂਗ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾ ਰਹੇ ਹਨ ਅਤੇ ਪਾਰਟੀ ਲਈ ਮਿਹਨਤ ਕਰਨ ਵਾਲੇ ਵਰਕਰਾਂ ਤੇ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ | ਇਸ ਲਈ ਸੂਬੇ ਦੇ ਲੋਕਾਂ ਨੂੰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਬਹੁਮਤ ਨਾਲ ਸੱਤਾ ਵਿਚ ਲਿਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਇਸ ਮੌਕੇ ਤਜਿੰਦਰ ਸਿੰਘ ਕੋਹਲੀ, ਪੰਕਜ ਸ਼ਰਮਾ, ਬਲਜੀਤ ਸਿੰਘ ਆਦਰਸ਼ ਨਗਰ, ਬੰਸ਼ਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਗੁਰਮੀਤ ਸਿੰਘ, ਤੇਜ ਭਾਨ ਸਿੰਘ, ਲਵਪ੍ਰੀਤ ਸਿੰਘ, ਜਸਕਰਨ ਸਿੰਘ, ਹਰਜੀਤ ਸਿੰਘ, ਗੁਰਜੀਤ ਸਿੰਘ ਗਿੱਲ, ਨਰਿੰਦਰ ਪਾਲ ਸਿੰਘ, ਸਰਬਜੀਤ ਸਿੰਘ, ਪ੍ਰੇਮ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ ਚੱਕਲ, ਸਿਮਰਨ ਕੌਰ ਗਿੱਲ, ਮਨਜੀਤ ਸਿੰਘ ਮਾਨ ਤੇ ਹਰਪ੍ਰੀਤ ਸਿੰਘ ਤਲਾਣੀਆ ਵੀ ਹਾਜ਼ਰ ਸਨ |