ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ (ਮਨਪ੍ਰੀਤ ਸਿੰਘ)-ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਸਰਹਿੰਦ ਵਲੋਂ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ | ਇਸ ਮੌਕੇ ਵਿਧਾਇਕ ਰਾਏ ਨੇ ਨੈਸ਼ਨਲ ਪੰਚਾਇਤੀ ਰਾਜ ਦਿਵਸ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਜਿਹੇ ਦਿਹਾੜੇ ਮਨਾਉਣ ਦਾ ਤਾਂ ਹੀ ਫ਼ਾਇਦਾ ਹੈ, ਜੇਕਰ ਅਸੀਂ ਆਪਣੀ ਜ਼ਿੰਮੇਵਾਰੀਆਂ ਨੂੰ ਸਮਝੀਏ | ਸਾਡੇ ਦੇਸ਼ ਦੇ ਲੋਕਾਂ ਨੇ ਸਾਨੂੰ ਵੋਟ ਦੇ ਰੂਪ ਵਿਚ ਜ਼ਿੰਮੇਵਾਰੀਆਂ ਦਿੱਤੀਆਂ ਹਨ | ਸਾਨੂੰ ਸਾਰਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਚ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਿਕਾਸ ਕਾਰਜਾਂ ਦੀ ਦੌੜ ਵਿਚ ਕੰਮ ਕਰ ਰਹੀਆਂ ਹਨ ਅਤੇ ਗਰਾਮ ਪੰਚਾਇਤ ਹੁਸੈਨਪੁਰਾ ਵਲੋਂ ਬਹੁਤ ਹੀ ਵਧੀਆ ਕੰਮ ਕੀਤਾ ਗਿਆ ਹੈ, ਜਿਸ ਦੇ ਬਦਲੇ ਪੂਰੀ ਪੰਚਾਇਤ ਨੂੰ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਦੂਸਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਇਸੇ ਤਰ੍ਹਾਂ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਇਸ ਸਨਮਾਨ ਦਾ ਹੱਕਦਾਰ ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਦੇ ਪਾਸ ਗਰਾਂਟਾਂ ਦਾ ਪੈਸਾ ਪਿਆ ਹੈ ਉਨ੍ਹਾਂ ਨੂੰ ਉਦੋਂ ਤੱਕ ਹੋਰ ਗਰਾਂਟ ਨਹੀਂ ਦਿੱਤੀ ਜਾਵੇਗੀ, ਜਦੋਂ ਤੱਕ ਉਹ ਪੁਰਾਣੇ ਪੈਸੇ ਨੂੰ ਪੂਰੀ ਤਰ੍ਹਾਂ ਨਹੀਂ ਵਰਤਦੇ | ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤਾਂ ਦੇ ਇਕ ਸਾਲ ਦੇ ਕੰਮਾਂ ਦਾ ਨਿਰੀਖਣ ਕੀਤਾ ਜਾਇਆ ਕਰੇਗਾ, ਜਿਹੜੀ ਪੰਚਾਇਤ ਵਧੀਆ ਕੰਮ ਕਰੇਗੀ ਉਸ ਦਾ ਸਨਮਾਨ ਹੋਵੇਗਾ | ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਗਰਾਮ ਪੰਚਾਇਤਾਂ ਨੂੰ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਾਈਆਂ ਗਈਆਂ ਗਰਾਂਟਾਂ ਨੂੰ ਵਰਤਣਾ ਚਾਹੀਦਾ ਹੈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਬੀ.ਡੀ.ਪੀ.ਓ. ਸਰਹਿੰਦ ਦੀਪ ਸਿਖਾ ਗਰਗ ਵਲੋਂ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਦਵਿੰਦਰ ਸਿੰਘ ਘੁੰਮਣ, ਸੈਕਟਰੀ ਰਜਿੰਦਰ ਸਿੰਘ, ਕਰਮਜੀਤ ਸਿੰਘ ਜੋਗੀ, ਸਰਪੰਚ ਰਾਜਵਿੰਦਰ ਕੌਰ, ਜਸਵੰਤ ਸਿੰਘ, ਕਰਮਜੀਤ ਸਿੰਘ, ਜਸਵਿੰਦਰ ਕੌਰ, ਦਰਸ਼ਨ ਕੌਰ, ਸਿਮਰਜੀਤ ਕੌਰ (ਸਾਰੇ ਪੰਚ), ਗੁਰਬਾਜ਼ ਸਿੰਘ, ਲਖਵਿੰਦਰ ਸਿੰਘ ਜਾਗੋ, ਰਣਜੋਧ ਸਿੰਘ ਮੀਰਪੁਰ ਆਦਿ ਵੀ ਹਾਜ਼ਰ ਸਨ |