ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਬੱਚਤ ਭਵਨ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਉਨ੍ਹਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਕਿੱਟਾਂ ਦੇ ਕੇ ਉਤਸ਼ਾਹਿਤ ਵੀ ਕੀਤਾ ਗਿਆ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਮੁੱਖ ਮਹਿਮਾਨ ਵਜੋਂ, ਜਦਕਿ ਡਿਪਟੀ ਕਮਿਸ਼ਨਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਨਸ਼ਾ ਇਕ ਕੋਹੜ ਹੈ, ਜਿਸ ਨੇ ਪੰਜਾਬ ਦੀ ਜਵਾਨੀ ਨੂੰ ਰੋਲ ਕੇ ਰੱਖ ਦਿੱਤਾ, ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਗੱਲ ਵੱਲ ਧਿਆਨ ਹੀ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਦੇ ਤਹਿਤ ਸੂਬੇ ਦੇ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹਾਂ 'ਚ ਸੁੱਟਿਆ ਗਿਆ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੇ ਦਲਦਲ 'ਚੋਂ ਕੱਢਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ੇ ਵਰਗੇ ਗੰਭੀਰ ਮੁੱਦੇ 'ਤੇ ਪੂਰੀ ਤਰ੍ਹਾਂ ਸਤਰਕ ਹੈ, ਜਿੱਥੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਸਕੂਲਾਂ, ਕਾਲਜਾਂ ਦੇ ਵਿਚ ਬਾਕਸ ਲਗਾਏ ਗਏ ਹਨ, ਜਿਸ ਵਿਚ ਵਿਦਿਆਰਥੀ ਨਸ਼ਾ ਕਰਨ ਵਾਲੇ ਦੀ ਗੁਪਤ ਸ਼ਿਕਾਇਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਦਿਆਰਥੀਆਂ ਦੀ ਕੌਂਸਲਿੰਗ ਕੀਤੀ ਜਾਵੇਗੀ ਅਤੇ ਜ਼ਰੂਰਤ ਪਈ ਤਾਂ ਉਨ੍ਹਾਂ ਨੂੰ ਡੀ-ਅਡਿਕਸ਼ਨ ਸੈਂਟਰਾਂ ਵਿਚ ਵੀ ਭੇਜਿਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਡੀ.ਐਸ.ਐਸ.ਓ. ਜਸਬੀਰ ਕੌਰ, ਲੈਕਚਰਾਰ ਦੀਪਕ ਕੁਮਾਰ ਨੋਡਲ ਨਸ਼ਾ ਮੁਕਤੀ ਅਭਿਆਨ ਵੀ ਹਾਜ਼ਰ ਸਨ |