ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ, ਜਗਤਾਰ ਸਿੰਘ ਨਰੈਣਾ, ਛੋਟਾ ਸਿੰਘ ਫ਼ਤਹਿਪੁਰ, ਪ੍ਰੀਤਪਾਲ ਸਿੰਘ ਸ਼ਹੀਦਗੜ੍ਹ ਅਤੇ ਗੁਰਮੀਤ ਸਿੰਘ ਕਲੌਂਦੀ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਕਿਸਾਨ ਆਗੂ ਦਮਹੇੜੀ ਨੇ ਦੱਸਿਆ ਕਿ ਮਾਰਚ ਤੇ ਅਪ੍ਰੈਲ ਦੇ ਮਹੀਨਿਆਂ ਦੌਰਾਨ ਮੀਂਹ, ਝੱਖੜ, ਗੜੇਮਾਰੀ ਅਤੇ ਅੱਗ ਲੱਗਣ ਕਾਰਨ ਕਿਸਾਨਾਂ ਦੀਆਂ ਲੱਖਾਂ ਏਕੜ ਫ਼ਸਲਾਂ ਦਾ ਨੁਕਸਾਨ ਹੋਇਆ ਹੈ | ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ, ਪਰ ਜ਼ਿਆਦਾਤਰ ਇਲਾਕਿਆਂ ਵਿਚ ਗਿਰਦਾਵਰੀ ਨਹੀਂ ਕੀਤੀ ਗਈ ਅਤੇ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਦੀ ਕਟਾਈ ਕਰ ਲਈ ਹੈ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਝਾੜ ਦੇ ਅਨੁਸਾਰ ਸੌ ਫ਼ੀਸਦੀ ਮੁਆਵਜ਼ਾ ਜਲਦ ਦਿੱਤਾ ਜਾਵੇ ਤਾਂ ਜੋ ਕਿਸਾਨ ਅਗਲੀਆਂ ਫ਼ਸਲਾਂ ਦੀ ਬਿਜਾਈ ਲਈ ਆਪਣੇ ਆਪ ਨੂੰ ਤਿਆਰ ਕਰ ਸਕਣ | ਇਸ ਮੌਕੇ 'ਤੇ ਇੰਦਰਜੀਤ ਸਿੰਘ, ਸੁਖਜੀਤ ਸਿੰਘ, ਸੁਖਜਿੰਦਰ ਸਿੰਘ ਖੋਸਾ, ਗੁਰਿੰਦਰ ਸਿੰਘ ਭੰਗੂ, ਬਚਿੱਤਰ ਸਿੰਘ ਕੋਟਲਾ ਅਤੇ ਗੁਰਸੇਵਕ ਸਿੰਘ ਧਾਲੀਵਾਲ ਸੂਬਾ ਆਗੂ ਵੀ ਹਾਜ਼ਰ ਸਨ |