ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬਿਜਲੀ ਖੇਤਰ ਵਿਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ ਤੇ ਕਿਸੇ ਸਮੇਂ ਘਾਟੇ ਵਿਚ ਚੱਲ ਰਿਹਾ ਇਹ ਵਿਭਾਗ ਹੁਣ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਵੀ ਮੁਨਾਫ਼ਾ ਕਮਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ ਤੇ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿਚ ਅਹਿਮ ਸੁਧਾਰ ਕੀਤੇ ਹਨ | ਵਿਧਾਇਕ ਰਾਏ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼ੇ੍ਰਣੀਆਂ ਲਈ ਟੈਰਿਫ਼ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟਰਾਂਸਫ਼ਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਬਿਜਲੀ ਵਿਭਾਗ ਵਲੋਂ ਏ-ਪਲੱਸ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ ਮਿਲਣਾ, ਪੰਜਾਬ ਨੂੰ ਬਿਜਲੀ ਵਿਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਹਰ ਖੇਤਰ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਵਾ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ | ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿਚ ਮਾਨ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਿੰਚਾਈ ਲਈ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਪ੍ਰਤੀਸ਼ਤ ਵਧ ਕੇ 78 ਫ਼ੀਸਦੀ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫ਼ੀਸਦੀ ਤੱਕ ਵਧਾ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਮਿਲੀ ਅਤੇ ਦਿਨ ਵੇਲੇ 95 ਫ਼ੀਸਦੀ ਸਪਲਾਈ ਯਕੀਨੀ ਬਣਾਈ ਗਈ | ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਲਗਪਗ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ |