ਜਖਵਾਲੀ, 27 ਅਪ੍ਰੈਲ (ਨਿਰਭੈ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਡਾ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਵਿਖੇ ਆਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ਼ ਵਲੋਂ ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੇਟਰਾਂ ਦੀ ਮਹੱਤਵਪੂਰਨ ਭੂਮਿਕਾ ਦੀ ਸਰਾਹਨਾ ਕੀਤੀ ਗਈ | ਪ੍ਰੋਗਰਾਮ ਦੌਰਾਨ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੇਟਰਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਪਿੰਡ ਪੱਧਰ 'ਤੇ ਮਾਤਾ ਤੇ ਬੱਚੇ ਦੀ ਸਿਹਤ, ਟੀਕਾਕਰਨ, ਮੁੱਖ ਮੰਤਰੀ ਸਿਹਤ ਯੋਜਨਾ ਅਤੇ ਜਾਗਰੂਕਤਾ ਮੁਹਿੰਮਾਂ ਵਿਚ ਆਪਣੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੇ ਨਿਰੰਤਰ ਯਤਨਾਂ ਨਾਲ ਪਿੰਡਾਂ ਵਿਚ ਸਿਹਤ ਸੇਵਾਵਾਂ ਨੂੰ ਮਜ਼ਬੂਤੀ ਮਿਲ ਰਹੀ ਹੈ | ਇਸ ਮੌਕੇ ਡਾ. ਸੁਰਿੰਦਰ ਸਿੰਘ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ 27 ਅਪ੍ਰੈਲ ਨੂੰ ਆਸ਼ਾ ਦਿਵਸ ਵਜੋਂ ਪਹਿਲੀ ਵਾਰ ਮਨਾਇਆ ਜਾ ਰਿਹਾ ਹੈ ਅਤੇ ਆਸ਼ਾ ਵਰਕਰ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ | ਉਨ੍ਹਾਂ ਦੀ ਨਿਸ਼ਠਾ ਤੇ ਸੇਵਾ ਭਾਵਨਾ ਕਾਬਿਲ-ਏ-ਤਾਰੀਫ਼ ਹੈ | ਇਸ ਮੌਕੇ ਸੁਰਿੰਦਰ ਸਿੰਘ ਬੀ.ਈ.ਈ., ਕਿਰਨਦੀਪ ਕੌਰ ਪੰਜੋਲਾ ਆਸ਼ਾ ਫੈਸੀਲੇਟਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਵੀ ਹਾਜਰ ਸਨ |