ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਭਾਜਪਾ ਦੇ ਪ੍ਰਵਕਤਾ ਰਮਨ ਮਲਿਕ ਦੁਆਰਾ ਜਨਤਕ ਤੌਰ 'ਤੇ ਸਿੱਖ ਭਾਈਚਾਰੇ ਖ਼ਿਲਾਫ਼ ਉਕਸਾਉਣ ਵਾਲੇ ਦਿੱਤੇ ਵਿਵਾਦਿਤ ਬਿਆਨ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦੇ ਨਾਂਅ ਲਿਖਤੀ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਇਲਾਕਾ ਸਕੱਤਰ ਧਰਮ ਸਿੰਘ ਕਲੌੜ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਭਾਜਪਾ ਦੇ ਪ੍ਰਵਕਤਾ ਰਮਨ ਮਲਿਕ ਵਲੋਂ ਜਨਤਕ ਤੌਰ 'ਤੇ ਇਕ ਵਿਵਾਦਿਤ ਬਿਆਨ ਦਿੱਤਾ ਗਿਆ ਹੈ, ਜਿਸ ਨੂੰ ਪਾਰਟੀ ਨੇ ਸਿੱਧਾ ਹਿੰਸਾ ਲਈ ਉਕਸਾਉਣ ਵਾਲਾ ਕਰਾਰ ਦਿੱਤਾ ਹੈ | ਅਕਾਲੀ ਦਲ (ਅ) ਦੇ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਨਾ ਸਿਰਫ਼ ਲੋਕਾਂ ਦੀ ਜਾਨ ਨੂੰ ਖ਼ਤਰੇ ਵਿਚ ਪਾਉਂਦੇ ਹਨ, ਸਗੋਂ ਸਮਾਜਿਕ ਸਾਂਝ ਅਤੇ ਕਾਨੂੰਨ-ਵਿਵਸਥਾ ਨੂੰ ਵੀ ਪ੍ਰਭਾਵਿਤ ਕਰਦੇ ਹਨ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ 'ਚ ਤੁਰੰਤ ਉਕਤ ਭਾਜਪਾ ਆਗੂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ, ਅਮਨ ਕਾਇਮ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਰਾਜ ਸਰਕਾਰ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਜਾਵੇ | ਇਸ ਦੇ ਨਾਲ ਹੀ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਕਾਨੂੰਨ ਦੀ ਪਾਲਨਾ ਅਤੇ ਲੋਕਾਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ | ਇਸ ਮੌਕੇ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਝਾਮਪੁਰ, ਇਲਾਕਾ ਸਕੱਤਰ ਧਰਮ ਸਿੰਘ ਕਲੌੜ, ਸਰਪੰਚ ਪਵਨਪ੍ਰੀਤ ਸਿੰਘ ਢੋਲੇਵਾਲ ਦਫ਼ਤਰ ਸਕੱਤਰ ਯੂਥ, ਹਰਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਸਵਰਨ ਸਿੰਘ, ਸ਼ਿਵਦੇਵ ਸਿੰਘ, ਗੁਰਪ੍ਰੀਤ ਸਿੰਘ ਦੁੱਲਵਾਂ, ਹਰਚਰਨ ਸਿੰਘ, ਤਰਲੋਚਨ ਸਿੰਘ, ਜਤਿੰਦਰ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਤੇ ਵਰਕਰਾਂ ਵਲੋਂ ਉਕਤ ਵਿਵਾਦਿਤ ਬਿਆਨ ਦੇ ਵਿਰੋਧ ਵਿਚ ਭਾਜਪਾ ਆਗੂ ਦਾ ਪੁਤਲਾ ਫੂਕਿਆ ਗਿਆ ਅਤੇ ਡਿਪਟੀ ਕਮਿਸ਼ਨਰ ਦੇ ਨਾਂਅ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ |