ਫ਼ਤਹਿਗੜ੍ਹ ਸਾਹਿਬ, 28 ਅਪ੍ਰੈਲ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ 90 ਫ਼ੀਸਦੀ ਸੜਕਾਂ ਦਾ ਨਵੀਨੀਕਰਨ ਹੋਵੇਗਾ, ਇੱਥੇ ਹੀ ਬੱਸ ਨਹੀਂ ਸੜਕਾਂ ਨੂੰ ਪੰਜ ਸਾਲ ਤੱਕ ਇਸੇ ਤਰ੍ਹਾਂ ਬਣਾਈ ਰੱਖਣ ਦੇ ਲਈ ਠੇਕੇਦਾਰਾਂ ਨੂੰ ਜ਼ਿੰਮੇਵਾਰ ਬਣਾਇਆ ਗਿਆ ਹੈ | ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਅਜਿਹੇ ਫ਼ੈਸਲੇ ਹੀ ਨਹੀਂ ਲਏ ਗਏ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਿਆ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਹ ਪਹਿਲੀ ਸਰਕਾਰ ਹੈ, ਜੋ ਜਨਤਾ ਦੇ ਪੈਸੇ ਨੂੰ ਸਹੀ ਤਰੀਕੇ ਦੇ ਨਾਲ ਵਰਤ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਇਸ ਗੱਲ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਸਮਝਣਾ ਚਾਹੀਦਾ ਹੈ ਕਿ ਜੋ ਵਿਰੋਧੀ ਪਾਰਟੀਆਂ ਮੌਜੂਦਾ ਸਰਕਾਰ ਦੇ ਖ਼ਿਲਾਫ਼ ਪ੍ਰਚਾਰ ਕਰ ਰਹੀਆਂ ਹਨ, ਉਨ੍ਹਾਂ ਨੇ ਆਪਣੇ ਰਾਜ ਦੇ ਵਿਚ ਸੂਬੇ ਲਈ ਕੀ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਦੇ ਨਾਲ ਸੂਬਾ ਵਿਰੋਧੀ ਹੈ, ਜਿਸ ਦੁਆਰਾ ਸੂਬੇ ਦਾ ਕਰੋੜਾਂ ਰੁਪਇਆ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਹੋਣ ਲਈ ਛੱਡਿਆ ਗਿਆ ਹੈ ਤੇ ਕੇਂਦਰ ਸਰਕਾਰ ਦੁਆਰਾ ਨਵੇਂ-ਨਵੇਂ ਕਾਨੂੰਨ ਬਣਾ ਕੇ ਪੰਜਾਬ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪ੍ਰੰਤੂ ਭਾਜਪਾ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਹਮੇਸ਼ਾ ਹੀ ਡਿੱਗ-ਡਿੱਗ ਕੇ ਉੱਠਦਾ ਰਿਹਾ ਹੈ | ਜਿਸ ਕਾਰਨ ਭਾਜਪਾ ਨੂੰ ਮੂੰਹ ਦੀ ਖਾਣੀ ਪਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਲੰੂਬੜ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਉਹ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਜਿੱਥੇ ਸੂਬੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਸਰਕਾਰ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ |