ਫ਼ਤਹਿਗੜ੍ਹ ਸਾਹਿਬ, 28 ਅਪ੍ਰੈਲ (ਬਲਜਿੰਦਰ ਸਿੰਘ)-ਐਕਸ-ਇੰਪਲਾਈਜ਼ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸੇਵਾ ਮੁਕਤ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਤੇ ਪੈਂਡਿੰਗ ਪੈਨਸ਼ਨਰੀ ਲਾਭਾਂ ਨੂੰ ਜਾਰੀ ਕਰਵਾਉਣ ਲਈ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਵਿੰਗ ਵਲੋਂ ਦਿੱਤੇ ਗਏ ਪੱਤਰ ਵਿਚ ਮੁੱਖ ਤੌਰ 'ਤੇ ਸਮੂਹ ਵਿਭਾਗਾਂ ਵਿਚ ਜੋ ਵੀ ਪੈਨਸ਼ਨ ਕੇਸ ਪੈਂਡਿੰਗ ਹਨ, ਉਨ੍ਹਾਂ ਨੂੰ ਤੁਰੰਤ ਅਕਾਊਾਟੈਂਟ ਜਨਰਲ ਪੰਜਾਬ ਨੂੰ ਭੇਜਿਆ ਜਾਵੇ, ਸੇਵਾ ਮੁਕਤ ਕਰਮਚਾਰੀਆਂ ਦੇ ਪੈਨਸ਼ਨਰੀ ਲਾਭ, ਮੈਡੀਕਲ ਬਿੱਲ ਅਤੇ ਤਨਖ਼ਾਹ ਦੇ ਬਕਾਏ (ਏਰੀਅਰ) ਦੀ ਅਦਾਇਗੀ ਨਿਯਮਾਂ ਅਨੁਸਾਰ ਜਲਦ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਸਰਕਾਰੀ ਸੇਵਾ ਵਿਚ ਲਗਾਉਣ ਤੋਂ ਬਾਅਦ ਵੀ ਕਰਮਚਾਰੀਆਂ ਨੂੰ ਆਪਣੇ ਹੱਕੀ ਲਾਭਾਂ ਲਈ ਸਰਕਾਰੀ ਦਫ਼ਤਰਾਂ ਵਿਚ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਾਮਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਕੇ ਬਜ਼ੁਰਗ ਕਰਮਚਾਰੀਆਂ ਨੂੰ ਮਾਨਸਿਕ ਤੇ ਆਰਥਿਕ ਪ੍ਰੇਸ਼ਾਨੀ ਤੋਂ ਬਚਾਇਆ ਜਾਵੇ | ਉਨ੍ਹਾਂ ਉਮੀਦ ਜਿਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਗੰਭੀਰ ਮਸਲੇ ਵੱਲ ਤੁਰੰਤ ਧਿਆਨ ਦੇ ਕੇ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ | ਇਸ ਮੌਕੇ 'ਤੇ ਈਸ਼ਵਰ ਭਾਰਦਵਾਜ, ਗੁਰਿੰਦਰ ਪਾਲ, ਖੁਸ਼ਵੰਤ ਰਾਏ, ਪਵਨ ਕੁਮਾਰ ਸ਼ਰਮਾ, ਅਜੀਤ ਸਿੰਘ, ਪਰਮਿੰਦਰ ਸਿੰਘ, ਸੰਦੀਪ ਸਿੰਘ, ਅਸ਼ੋਕ ਕੁਮਾਰ ਅਤੇ ਅਜੇ ਕੁਮਾਰ ਆਦਿ ਹਾਜ਼ਰ ਸਨ |