ਫ਼ਤਹਿਗੜ੍ਹ ਸਾਹਿਬ, 28 ਅਪ੍ਰੈਲ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਵਲੋਂ ਅੱਜ ਪਿੰਡ ਹਰਬੰਸਪੁਰਾ ਵਿਖੇ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਮੌਜੂਦਾ ਸਿਆਸੀ ਹਾਲਾਤਾਂ 'ਤੇ ਚਰਚਾ ਕਰਦਿਆਂ ਸ. ਨਾਗਰਾ ਨੇ 'ਆਪ' ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ | ਪੰਜਾਬ ਵਿਚ ਵੱਧਦੇ ਗੈਂਗਸਟਰਵਾਦ ਅਤੇ ਨਸ਼ੇ 'ਤੇ ਚਿੰਤਨ ਕਰਦਿਆਂ ਸ. ਨਾਗਰਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ 'ਆਪ' ਦੀ ਸਰਕਾਰ ਸੱਤਾ ਵਿਚ ਆਈ ਹੈ, ਸੂਬੇ ਦੇ ਹਾਲਾਤ ਲਗਾਤਾਰ ਨਿਘਾਰ ਵੱਲ ਜਾ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਵਿਚ ਗੈਂਗਸਟਰਵਾਦ ਅਤੇ ਨਸ਼ਾ ਬੇਲਗ਼ਾਮ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਦਿਨ-ਦਿਹਾੜੇ ਗੋਲੀਆਂ ਚੱਲਣਾ ਅਤੇ ਫਿਰੌਤੀਆਂ ਮੰਗਣਾ ਆਮ ਗੱਲ ਹੋ ਗਈ ਹੈ | ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਫਸਦੀ ਜਾ ਰਹੀ ਹੈ, ਪਰ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੈ | ਨਾਗਰਾ ਨੇ ਦਾਅਵਾ ਕੀਤਾ ਕਿ ਪੰਜਾਬ ਨੂੰ ਗੈਂਗਸਟਰਵਾਦ, ਨਸ਼ਿਆਂ ਅਤੇ ਮੌਜੂਦਾ ਸਰਕਾਰ ਦੀ ਕਥਿਤ 'ਤਾਨਾਸ਼ਾਹੀ' ਤੋਂ ਸਿਰਫ਼ ਕਾਂਗਰਸ ਪਾਰਟੀ ਹੀ ਮੁਕਤ ਕਰਵਾ ਸਕਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਰਿਹਾ ਹੈ ਕਿ ਜਦੋਂ ਵੀ ਸੂਬੇ 'ਤੇ ਕੋਈ ਮੁਸੀਬਤ ਆਈ ਹੈ, ਪਾਰਟੀ ਨੇ ਮਜ਼ਬੂਤੀ ਨਾਲ ਸਥਿਤੀ ਨੂੰ ਸੰਭਾਲਿਆ ਹੈ | ਸਾਬਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸ ਲੈਣ | ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਸਥਾਨਕ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਦੇ ਰੁਕਣ ਬਾਰੇ ਵੀ ਗੱਲਬਾਤ ਕੀਤੀ | ਨਾਗਰਾ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦੀ ਰਹੀ ਹੈ ਅਤੇ ਲੜਦੀ ਰਹੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਮੌਜੂਦ ਪਾਰਟੀ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਦਿਨ-ਰਾਤ ਇਕ ਕਰਨ ਦਾ ਅਹਿਦ ਲਿਆ | ਇਸ ਮੀਟਿੰਗ ਵਿਚ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਬਿਕਰਮਜੀਤ ਸਿੰਘ ਚੀਮਾ, ਸਤਨਾਮ ਸਿੰਘ ਚੀਮਾ, ਸੁਖਚੈਨ ਸਿੰਘ ਚੀਮਾ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਬਲਵੀਰ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਬਾਜਵਾ, ਹਰਦੀਪ ਸਿੰਘ ਚੀਮਾ, ਬਲਵਿੰਦਰ ਸਿੰਘ, ਅਮਰੀਕ ਸਿੰਘ, ਸਤਨਾਮ ਸਿੰਘ ਚੀਮਾ, ਅਜੀਤ ਸਿੰਘ ਕਾਹਲੋ, ਨਵਜੋਤ ਸਿੰਘ, ਸਤਵੀਰ ਸਿੰਘ ਚੀਮਾ, ਜੋਗਿੰਦਰ ਸਿੰਘ, ਜਗਮੀਤ ਸਿੰਘ, ਜਸਪਾਲ ਸਿੰਘ, ਗੁਰਮੇਲ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ, ਗੁਰਦੀਪ ਸਿੰਘ, ਜੀਤ ਸਿੰਘ, ਪ੍ਰਭਦੀਪ ਸਿੰਘ ਚੀਮਾ ਤੇ ਸਥਾਨਕ ਕਾਂਗਰਸੀ ਆਗੂ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |