ਮੰਡੀ ਗੋਬਿੰਦਗੜ੍ਹ, 3 ਮਈ (ਇਕਬਾਲਦੀਪ ਸੰਧੂ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਦੀ ਸਾਲਾਨਾ ਚੋਣ ਪ੍ਰਕਿਰਿਆ ਦੌਰਾਨ ਪ੍ਰਸਿੱਧ ਸਮਾਜ ਸੇਵਕ ਸੰਚਿਤ ਸਿੰਗਲਾ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਹੈ | ਕਲੱਬ ਦੇ ਮੈਂਬਰਾਂ ਵਲੋਂ ਉਨ੍ਹਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਸੰਚਿਤ ਸਿੰਗਲਾ ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਹਨ ਅਤੇ ਵੱਖ-ਵੱਖ ਸੇਵਾ ਮੁਖੀ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ | ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਕਈ ਉਪਰਾਲੇ ਕੀਤੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਲਾਕੇ ਵਿਚ ਖ਼ਾਸ ਮਾਣ-ਸਨਮਾਨ ਪ੍ਰਾਪਤ ਹੈ | ਇਸ ਮੌਕੇ ਤੇ ਸੰਚਿਤ ਸਿੰਗਲਾ ਨੇ ਕਿਹਾ ਕਿ ਉਹ ਕਲੱਬ ਦੀ ਟੀਮ ਨਾਲ ਮਿਲ ਕੇ ਹੋਰ ਵੀ ਵਧੀਆ ਸਮਾਜ ਸੇਵਾ ਕਾਰਜ ਕਰਨਗੇ ਅਤੇ ਲੋਕਾਂ ਦੀ ਭਲਾਈ ਲਈ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਨੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ | ਕਲੱਬ ਦੇ ਹੋਰ ਮੈਂਬਰਾਂ ਨੇ ਵੀ ਨਵੇਂ ਪ੍ਰਧਾਨ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਕਲੱਬ ਨਵੀਆਂ ਉਚਾਈਆਂ ਛੂਹੇਗਾ |