ਮੰਡੀ ਗੋਬਿੰਦਗੜ੍ਹ, 5 ਮਈ (ਇਕਬਾਲਦੀਪ ਸੰਧੂ)-ਹਲਕਾ ਅਮਲੋਹ ਵਿਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 29 ਤੋਂ ਸਾਬਕਾ ਕੌਂਸਲਰ ਤੇ ਭਾਜਪਾ ਆਗੂ ਰਘਬੀਰ ਸਿੰਘ ਆਪਣੇ ਸਾਥੀਆਂ ਸਮੇਤ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਸਾਬਕਾ ਕੌਂਸਲਰ ਰਘਬੀਰ ਸਿੰਘ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ | ਇਸੇ ਕਰਕੇ ਸੂਬੇ ਵਿਚ ਕਾਂਗਰਸ ਪਾਰਟੀ ਦਾ ਪਰਿਵਾਰ ਦਿਨੋ-ਦਿਨ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸਿਰਫ਼ ਕਾਂਗਰਸ ਪਾਰਟੀ ਦੀ ਸਰਕਾਰ ਹੀ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾ ਸਕਦੀ ਹੈ | ਇਸ ਲਈ ਲੋਕਾਂ ਨੇ ਆਉਣ ਵਾਲੀਆਂ ਨਗਰ ਕੌਂਸਲ, ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਦਾ ਸੰਕਲਪ ਲਿਆ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸਾਬਕਾ ਕੌਂਸਲਰ ਰਘਬੀਰ ਸਿੰਘ ਨੇ ਕਿਹਾ ਕਿ ਉਹ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਪਾਰਟੀ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ | ਇਸ ਮੌਕੇ ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਅੰਬੇਮਾਜਰਾ, ਜਨਰਲ ਸਕੱਤਰ ਵਿਨੈ ਸ਼ਰਮਾ, ਡਾ. ਨਰੇਸ਼ ਚੌਹਾਨ, ਕਮਲਜੀਤ ਸਿੰਘ ਜੱਸੜ੍ਹਾਂ, ਅਵਤਾਰ ਸਿੰਘ ਗੁਰੂ ਕੀ ਨਗਰੀ ਵੀ ਮੌਜੂਦ ਸਨ |