ਫ਼ਤਹਿਗੜ੍ਹ ਸਾਹਿਬ, 5 ਮਈ (ਬਲਜਿੰਦਰ ਸਿੰਘ)-ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਚੋਣ ਨਿਗਰਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ਮਨਜੀਤ ਸ਼ਰਮਾ ਸਰਹਿੰਦ ਨੂੰ ਪਾਰਟੀ ਵਲੋਂ ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਪਾਤੜਾਂ ਦਾ (ਨਿਗਰਾਨ) ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਆਗਾਮੀ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੀ ਰਣਨੀਤੀ ਨੂੰ ਮਜ਼ਬੂਤ ਕਰਨ, ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਵਿਚ ਤਾਲਮੇਲ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ | ਦੱਸਣਯੋਗ ਹੈ ਕਿ ਮਨਜੀਤ ਸ਼ਰਮਾ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਨਿਸੁਆਰਥ ਭਾਵਨਾ ਨਾਲ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਪਹਿਲਾਂ ਵੀ ਕਈ ਵਾਰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਚੁੱਕੀਆਂ ਹਨ | ਚੋਣ ਨਿਗਰਾਨ ਨਿਯੁਕਤ ਹੋਣ ਮਗਰੋਂ ਮਨਜੀਤ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕਰਨਗੇ | ਸ੍ਰੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪਾਤੜਾਂ ਸ਼ਹਿਰ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਉਹ ਜਲਦ ਹੀ ਪਾਤੜਾਂ ਦਾ ਦੌਰਾ ਕਰਕੇ ਉੱਥੋਂ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ ਤਾਂ ਜੋ ਚੋਣ ਪ੍ਰਚਾਰ ਅਤੇ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ |