ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 6 ਮਈ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਈਸਟ ਗਾਰਡਨ ਪੈਲਸ ਰੁੜਕੀ ਵਿਖੇ ਕਿ੍ਸ਼ੀ ਉੱਨਤੀ ਯੋਜਨਾ ਆਤਮਾ ਸਕੀਮ ਅਧੀਨ ਆਉਂਦੀਆਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਲਗਾਇਆ ਗਿਆ | ਇਸ ਮੌਕੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਇੰਜੀ.) ਜਗਦੀਸ਼ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਗੁਰਵਿੰਦਰ ਸਿੰਘ ਢਿੱਲੋਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਦੇ ਨਾਲ-ਨਾਲ ਵਾਤਾਵਰਨ ਤੇ ਕੀਮਤੀ ਸੋਮੇ ਪਾਣੀ ਦੀ ਸਾਂਭ ਸੰਭਾਲ ਵਿਚ ਵੀ ਯੋਗਦਾਨ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਿੰਚਾਈ ਲਈ ਕਿਸਾਨਾਂ ਦੇ ਖੇਤਾਂ ਤੱਕ ਪਹਿਲਾਂ 22 ਫ਼ੀਸਦੀ ਨਹਿਰੀ ਪਾਣੀ ਪਹੁੰਚਦਾ ਸੀ, ਤੇ ਹੁਣ ਪੰਜਾਬ ਸਰਕਾਰ ਵਲੋਂ ਖੇਤਾਂ ਤੱਕ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਹੁੰਚਾਈਆਂ ਗਈਆਂ ਹਨ, ਜਿਸ ਸਦਕਾ ਸੂਬੇ ਦੇ ਕਿਸਾਨਾਂ ਨੂੰ 80 ਫ਼ੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ, ਇਸ ਯੋਜਨਾ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਿਆ ਹੈ, ਉੱਥੇ ਹੀ ਕਿਸਾਨਾਂ ਨੂੰ ਫ਼ਸਲ ਦਾ ਚੰਗਾ ਝਾੜ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮਿੱਟੀ ਪਰਖ ਲਈ ਜ਼ਿਲ੍ਹੇ ਅੰਦਰ 40 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਅਬਜੋਰਸ਼ਨ ਸਪੈਕਟਰੋਫੋਟੋਮੀਟਰ ਮਸ਼ੀਨ ਲਗਾਈ ਗਈ ਹੈ, ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਜਿਹੜੇ ਮਿੱਟੀ ਦੇ ਟੈੱਸਟ ਸੰਗਰੂਰ ਹੁੰਦੇ ਸੀ, ਉਹ ਹੁਣ ਫ਼ਤਹਿਗੜ੍ਹ ਸਾਹਿਬ ਹੋਣਗੇ ਜਿਸ ਦਾ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ ਅਤੇ ਸਮੇਂ ਦੀ ਬੱਚਤ ਹੋਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਤੇ ਖੇਤੀਬਾੜੀ ਵਿਭਾਗ ਵਲੋਂ ਪ੍ਰਮਾਣਿਤ ਬੀਜ਼, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਵੇ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਕਿਸਾਨਾਂ ਵਲੋਂ ਪਰਾਲੀ ਪ੍ਰਬੰਧਨ ਵਿਚ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਹੈ | ਜਿਵੇਂ ਪਿਛਲੇ ਸਾਲ ਨਾਲੋਂ ਇਸ ਸਾਲ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ 80 ਫ਼ੀਸਦੀ ਮਾਮਲੇ ਘਟ ਗਏ ਹਨ ਉਸੇ ਤਰ੍ਹਾਂ ਅਗਲੇ ਸਾਲ ਆਪਾਂ ਸਾਰਿਆਂ ਨੇ ਰਲ ਮਿਲ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਫ਼ੀਸਦੀ ਕਰਨਾ ਹੈ | ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਸਮੂਹਾਂ ਵਲੋਂ ਆਯੋਜਿਤ ਪ੍ਰਦਰਸ਼ਨੀਆਂ ਨੂੰ ਵੀ ਵੱਖ-ਵੱਖ ਸ਼ਖ਼ਸੀਅਤਾਂ ਨੇ ਦੇਖਿਆ ਅਤੇ ਹੌਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਪਰਾਲੀ ਪ੍ਰਬੰਧਨ ਵਿਚ ਯੋਗਦਾਨ ਪਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਡਾ. ਜਗਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਡਾ. ਹਰਦੀਪ ਸਿੰਘ ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫ਼ਤਹਿਗੜ੍ਹ ਸਾਹਿਬ ਅਤੇ ਉਨ੍ਹਾਂ ਦੀ ਟੀਮ ਵਲੋਂ ਬੌਣਾ ਵਾਇਰਸ ਤੇ ਹੋਰ ਖੇਤੀ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ. ਨਿਰਮਲ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਡਾ. ਇਕਬਾਲਜੀਤ ਸਿੰਘ ਖੇਤੀਬਾੜੀ ਅਫਸਰ, ਡਾ. ਬੂਟਾ ਸਿੰਘ ਖੇਤੀਬਾੜੀ ਅਫਸਰ, ਡਾ. ਦਮਨ ਝਾਂਜੀ, ਡਾ. ਸਤਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ. ਹਰਮਨਜੀਤ ਸਿੰਘ, ਡਾ. ਜਤਿੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਜਤਿੰਦਰ ਸਿੰਘ ਅੰਕੜਾ ਇੰਜੀਨੀਅਰ ਅਭਿਸ਼ੇਕ ਵੈਦ, ਮੀਨਾ ਰਾਣੀ ਏ.ਡੀ.ਓ, ਪੂਜਾ, ਰਵਿੰਦਰ ਕੌਰ ਵੀ ਹਾਜ਼ਰ ਸਨ |