ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ)-ਪੰਜਾਬ ਦੀਆਂ 6 ਪ੍ਰਮੁੱਖ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਜਗਵਿੰਦਰ ਸਿੰਘ, ਸ਼ਿਵ ਕੁਮਾਰ, ਹਰਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ, ਪਰ ਅਧਿਆਪਕਾਂ ਦੀ ਮੰਗਾਂ ਜਿਉਂ ਦੀਆਂ ਤਿਉਂ ਖੜੀਆਂ ਹਨ | ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵਲੋਂ ਇਨ੍ਹਾਂ ਨੂੰ ਭਰਵੀਂ ਹਮਾਇਤ ਦੇ ਕੇ ਜਿੱਤ ਹਾਸਿਲ ਕਰਵਾਈ ਗਈ ਸੀ ਪਰ ਸਰਕਾਰ ਵਲੋਂ ਲਗਪਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ ਤੇ ਅਧਿਆਪਕਾਂ 'ਤੇ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ ਮਟੋਲ ਕੀਤਾ ਜਾ ਰਿਹਾ ਹੈ | ਇਸ ਮੌਕੇ ਜਸਪ੍ਰੀਤ ਸਿੰਘ, ਰਮਨਦੀਪ ਸਿੰਘ, ਬਲਜੀਤ ਸਿੰਘ ਅਤੇ ਰਣਧੀਰ ਸਿੰਘ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫ਼ਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇੱਕ ਮਾਸ ਡੈਪੂਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ | ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ ਆਉਣ ਵਾਲੇ ਦਿਨਾਂ ਵਿਚ ਇੱਕਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਡਟਵਾਂ ਵਿਰੋਧ ਕੀਤਾ ਜਾਵੇਗਾ | ਇਸ ਸਮੇਂ ਸੰਦੀਪ ਕੁਮਾਰ, ਮਨੋਜ ਕੁਮਾਰ, ਦੀਪਿਕਾ, ਵਿਵੇਕ ਵਰਮਾ, ਕਰਨੈਲ ਸਿੰਘ, ਰਜਿੰਦਰ ਸਿੰਘ, ਜਸਪ੍ਰੀਤ ਸਿੰਘ, ਵਿਕਰਮ, ਸੰਦੀਪ, ਮਨੋਜ, ਰਮਨ ਜਖਵਾਲੀ ਵੀ ਹਾਜ਼ਰ ਸਨ |