ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉੱਚਕੋਟੀ ਦੇ ਵਿੱਦਿਅਕ ਅਦਾਰੇ ਮਾਤਾ ਗੁਜਰੀ ਕਾਲਜ ਵਿਚ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਦੀ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਿੱਤੀ ਸਹਿਯੋਗ ਦੇਣ ਲਈ ਸ਼੍ਰੋਮਣੀ ਕਮੇਟੀ ਵਲੋਂ ਕਾਲਜ ਨੂੰ 8 ਲੱਖ 15 ਹਜ਼ਾਰ 500 ਰੁਪਏ ਦੀ ਗਰਾਂਟ ਦਿੱਤੀ ਗਈ ਹੈ | ਇਸ ਗਰਾਂਟ ਦਾ ਲਾਭ ਕਾਲਜ ਵਿਚ ਪੜ੍ਹ ਰਹੇ ਅੰਮਿ੍ਤਧਾਰੀ ਗੁਰਸਿੱਖ ਵਿਦਿਆਰਥੀਆਂ ਨੂੰ ਮਿਲੇਗਾ, ਜਿਸ ਨਾਲ ਉਹ ਅਕਾਦਮਿਕ ਅਤੇ ਧਾਰਮਿਕ ਖੇਤਰ ਵਿਚ ਹੋਰ ਵਧੀਆ ਕਾਰਗੁਜ਼ਾਰੀ ਕਰ ਸਕਣਗੇ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਜ਼ੀਫ਼ੇ ਵਿਦਿਆਰਥੀਆਂ ਨੂੰ ਸਿੱਖਿਆ ਵਿਚ ਸਹਾਇਤਾ ਦੇ ਨਾਲ-ਨਾਲ ਗੁਰਸਿੱਖੀ ਜੀਵਨ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਪਿ੍ੰਸੀਪਲ ਸੰਧੂ ਨੇ ਕਾਲਜ ਦੇ ਸਟਾਫ਼ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਨਿਰੰਤਰ ਮਿਹਨਤ, ਸਵੈ ਅਨੁਸ਼ਾਸਨ ਅਤੇ ਨਿਸ਼ਕਾਮ ਸੇਵਾ ਦੇ ਮਹੱਤਵ ਸਬੰਧੀ ਵਿਸ਼ੇਸ਼ ਲੈਕਚਰ ਵੀ ਦਿੱਤੇ ਜਾਂਦੇ ਹਨ | ਇਸ ਕਾਲਜ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਨਾਲ ਜੁੜਨ ਅਤੇ ਹਰ ਸਾਲ ਸ਼ਹੀਦੀ ਸਭਾ ਦੌਰਾਨ ਵੱਖ-ਵੱਖ ਸੇਵਾ ਕਾਰਜਾਂ ਵਿਚ ਹਿੱਸਾ ਲੈਣ ਦਾ ਵਿਸ਼ੇਸ਼ ਮੌਕਾ ਵੀ ਮਿਲਦਾ ਹੈ, ਜਿਸ ਨਾਲ ਵਿਦਿਆਰਥੀਆਂ ਅੰਦਰ ਧਾਰਮਿਕ ਰੁਚੀਆਂ ਵੀ ਪੈਦਾ ਹੁੰਦੀਆਂ ਹਨ | ਕਾਲਜ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ |