ਮੰਡੀ ਗੋਬਿੰਦਗੜ੍ਹ, 12 ਮਈ (ਪੱਤਰ ਪ੍ਰੇਰਕ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਵਲੋਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਦੀ ਸਿਫ਼ਾਰਸ਼ 'ਤੇ ਵਿੱਕੀ ਚਾਹਲ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਖੇਤਰ ਦਾ ਯੂਥ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਵਿੱਕੀ ਚਾਹਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਇਕ ਇਮਾਨਦਾਰ, ਮਿਹਨਤੀ ਅਤੇ ਸਰਗਰਮ ਨੌਜਵਾਨ ਆਗੂ ਹਨ, ਜੋ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਨਿਸ਼ਠਾ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਉਮੀਦ ਹੈ ਕਿ ਵਿੱਕੀ ਚਾਹਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਕੇ ਪਾਰਟੀ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਉਣਗੇ | ਇਸ ਮੌਕੇ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਪਾਰਟੀ ਦੀ ਸਮੁੱਚੀ ਹਾਈ ਕਮਾਂਡ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਿੰਦਰ ਗੋਲਡੀ, ਵਾਈਸ ਪ੍ਰਧਾਨ ਪਰਮਿੰਦਰ ਸੰਧੂ ਅਤੇ ਵਾਈਸ ਪ੍ਰਧਾਨ ਨਵਲਦੀਪ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉੱਤਰਨਗੇ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਕਰਨ ਸਿਓਰਾ, ਹਲਕਾ ਕੋਆਰਡੀਨੇਟਰ ਅਮਰਿੰਦਰ ਰੰਧਾਵਾ ਅਤੇ ਇਕਬੀਰ ਸਿੰਘ ਵੀ ਹਾਜ਼ਰ ਸਨ |