ਫ਼ਤਹਿਗੜ੍ਹ ਸਾਹਿਬ, 12 ਮਈ (ਮਨਪ੍ਰੀਤ ਸਿੰਘ)-ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਮਾਸਿਕ ਮੀਟਿੰਗ ਸੂਬਾ ਪ੍ਰਧਾਨ ਡਾ. ਐਮ.ਐਸ. ਰੋਹਟਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਭਰ ਦੇ ਸਫ਼ਾਈ ਕਰਮਚਾਰੀਆਂ ਦੇ ਮਸਲਿਆਂ 'ਤੇ ਗੰਭੀਰ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਸੂਬੇ ਦੇ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ | ਡਾ. ਰੋਹਟਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦਾ ਅਹਿਮ ਹਿੱਸਾ ਹਨ, ਜੋ ਦਿਨ-ਰਾਤ ਆਪਣੀ ਡਿਊਟੀ ਨਿਭਾ ਕੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾ ਰਹੇ ਹਨ | ਪਰ ਅਫ਼ਸੋਸ ਹੈ ਕਿ ਕਈ ਸਫ਼ਾਈ ਕਰਮਚਾਰੀ ਅਜੇ ਵੀ ਠੇਕੇਦਾਰੀ ਪ੍ਰਣਾਲੀ ਹੇਠ ਕੰਮ ਕਰ ਰਹੇ ਹਨ ਅਤੇ ਉਨਾਂ ਨੂੰ ਪੱਕੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ | ਉਨਾਂ ਕਿਹਾ ਕਿ ਠੇਕਾ ਪ੍ਰਣਾਲੀ ਕਾਰਨ ਸਫ਼ਾਈ ਕਰਮਚਾਰੀਆਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਹੋ ਰਿਹਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਦਿਆਂ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਕੇ ਉਨਾਂ ਨੂੰ ਬਣਦੇ ਹੱਕ ਅਤੇ ਸਹੂਲਤਾਂ ਦਿੱਤੀਆਂ ਜਾਣ | ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ ਅਤੇ ਉਨਾਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਪੂਰਾ ਲਾਭ ਦਿੱਤਾ ਜਾਵੇ | ਇਸ ਮੌਕੇ ਫ਼ਰੰਟ ਦੇ ਸੂਬਾ ਜਨਰਲ ਸਕੱਤਰ ਜੀ.ਐਸ. ਜਮੀਤਗੜ, ਸਰਕਾਰੀ ਕਰਮਚਾਰੀ ਵਿੰਗ ਦੇ ਸੂਬਾ ਇੰਚਾਰਜ ਬੀ.ਐਸ. ਲਟੌਰ, ਮੈਡੀਕਲ ਵਿੰਗ ਦੇ ਸਹਾਇਕ ਚੇਅਰਮੈਨ ਡਾ. ਕੇ.ਐਸ. ਮੁੱਲਾਂਪੁਰ, ਡਿਪਟੀ ਚੇਅਰਮੈਨ ਪੰਕਜ ਗੁਪਤਾ, ਜੁਆਇੰਟ ਸਕੱਤਰ ਗੁਰਸੇਵਕ ਮਜ਼ਾਤ ਅਤੇ ਗੁਰਪਿਆਰ ਗੁਰੀ ਚੰਡੀਗੜ ਪ੍ਰਧਾਨ ਸਟੂਡੈਂਟ ਵਿੰਗ ਆਦਿ ਨੇ ਵੀ ਆਪਣੇ ਵਿਚਾਰ ਰੱਖੇ |