ਫ਼ਤਹਿਗੜ੍ਹ ਸਾਹਿਬ, 12 ਮਈ (ਬਲਜਿੰਦਰ ਸਿੰਘ)-ਅਮਨ ਸਪੋਰਟਸ ਕਲੱਬ ਵਲੋਂ ਵਿਜਡਮ ਟ੍ਰੀ ਇੰਟਰਨੈਸ਼ਨਲ ਸਕੂਲ ਵਿਚ ਫੋਰਥ ਓਪਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਕਰਵਾਈ ਗਈ | ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਲਗਪਗ 150 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ | ਬੱਚਿਆਂ ਅਤੇ ਮਾਪਿਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਸਮਾਗਮ ਵਿਚ ਹਲਕਾ ਫ਼ਤਹਿਗੜ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਜਦੋਂਕਿ ਵਿਜਡਮ ਟ੍ਰੀ ਇੰਟਰਨੈਸ਼ਨਲ ਸਕੂਲ ਦੇ ਐਮ.ਡੀ. ਅਮਨਜੋਤ ਸਿੰਘ, ਐਮ.ਡੀ. ਅਮਨਦੀਪ ਕੌਰ ਅਤੇ ਪਿ੍ੰਸੀਪਲ ਰੀਟਾ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ | ਇਸ ਮੌਕੇ 'ਤੇ ਮੰਡੀ ਗੋਬਿੰਦਗੜ੍ਹ ਤੋਂ ਨਵੀਨ ਗੁਲਾਟੀ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ | ਅਮਨ ਸਪੋਰਟਸ ਕਲੱਬ ਦੇ ਪ੍ਰਬੰਧਕਾਂ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਖੇਡ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਅਤੇ ਉਨਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ | ਚੈਂਪੀਅਨਸ਼ਿਪ ਵਿਚ ਵਿਜਡਮ ਟ੍ਰੀ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂਕਿ ਸੈਕਰਡ ਹਾਰਟ ਸਕੂਲ ਜਲਾਲਪੁਰ ਮੰਡੀ ਗੋਬਿੰਦਗੜ ਦੀ ਟੀਮ ਨੂੰ ਦੂਜਾ ਸਥਾਨ ਅਤੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਲਖਵੀਰ ਸਿੰਘ ਰਾਏ ਨੇ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ ਅਤੇ ਉਨਾਂ ਅਮਨ ਸਪੋਰਟਸ ਕਲੱਬ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਵੀ ਕੀਤੀ | ਇਸ ਮੌਕੇ 'ਤੇ ਕੋਚ ਹਰਜੀ, ਸਵਰਨ ਸਿੰਘ ਚੀਮਾ ਤੇ ਅਮਨਦੀਪ ਕੌਰ ਤੋਂ ਇਲਾਵਾ ਕਲੱਬ ਮੈਂਬਰ ਵੀ ਹਾਜ਼ਰ ਸਨ |