ਫ਼ਤਹਿਗੜ੍ਹ ਸਾਹਿਬ, 12 ਮਈ (ਬਲਜਿੰਦਰ ਸਿੰਘ)-ਸਰਹਿੰਦ ਫ਼ਤਹਿ ਦਿਵਸ ਦੀ 316ਵੀਂ ਵਰ੍ਹੇਗੰਢ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਤੱਕ ਖ਼ਾਲਸਾ ਫ਼ਤਹਿ ਮਾਰਚ ਦੇ ਰੂਪ ਵਿਚ ਸਜਾਏ ਗਏ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚਣ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੁਆਰਾ ਭਰਵਾਂ ਸਵਾਗਤ ਕੀਤਾ ਗਿਆ | ਜਿਸ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਡਾ. ਤੇਜਬੀਰ ਸਿੰਘ ਅਤੇ ਡਾ. ਹਰਦੇਵ ਸਿੰਘ ਵਲੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਭੇਟ ਕੀਤੇ ਗਏ | ਇਸ ਮੌਕੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਦੇ ਜਾਬਰ ਹੁਕਮਰਾਨ ਵਜ਼ੀਰ ਖ਼ਾਨ ਨੂੰ ਮੌਤ ਦੇ ਘਾਟ ਉਤਾਰ ਅਤੇ ਜ਼ੁਲਮੀ ਮੁਗ਼ਲ ਰਾਜ ਦਾ ਅੰਤ ਕਰਕੇ ਸਰਹਿੰਦ ਨੂੰ ਫ਼ਤਹਿ ਕੀਤਾ ਗਿਆ ਸੀ, ਜਿਸ ਦੀ ਯਾਦ ਵਿਚ ਇਹ ਖ਼ਾਲਸਾ ਫ਼ਤਹਿ ਮਾਰਚ ਸਜਾਇਆ ਗਿਆ ਹੈ | ਉਨਾਂ ਦੱਸਿਆ ਕਿ ਖ਼ਾਲਸਾ ਫ਼ਤਹਿ ਮਾਰਚ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗੱਤਕਾ ਟੀਮ ਨੇ ਵੀ ਹਿੱਸਾ ਲੈ ਕੇ ਗੱਤਕੇ ਦੇ ਜੰਗਜੂ ਕਰਤੱਵ ਵਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ ਹੈ | ਉਨਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿੱਖ ਕੌਮ ਦੇ ਗੌਰਵਮਈ ਤੇ ਸ਼ਾਨਾਮੱਤੇ ਇਤਿਹਾਸ ਬਾਰੇ ਵਡਮੁੱਲੀ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਵਿਰਸੇ ਵਿਰਾਸਤ ਨੂੰ ਅੱਗੇ ਵਧਾ ਸਕਣ |