ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਸਰਹਿੰਦ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾ ਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸਕੂਲ ਡਾਇਰੈਕਟਰ ਰਾਜਵੰਤ ਕੌਰ ਤੇ ਪਿ੍ੰਸੀਪਲ ਕਮਲਪ੍ਰੀਤ ਸਿੰਘ ਬੈਨੀਪਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਜਾਹਨਵੀ ਸਿੰਘੀ ਨੇ ਗਣਿਤ ਵਿਸ਼ੇ ਵਿਚ 100 ਫ਼ੀਸਦੀ ਅੰਕ ਹਾਸਲ ਕਰਕੇ ਵਿਸ਼ੇਸ਼ ਉਪਲੱਬਧੀ ਦਰਜ ਕੀਤੀ ਹੈ | ਇਸ ਤੋਂ ਇਲਾਵਾ ਸਕੂਲ ਦੇ ਟਾਪਰ ਵਿਦਿਆਰਥੀਆਂ ਵਿਚ ਜਸਮੀਨ ਧੀਮਾਨ ਨੇ 88.46 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਜਸਲੀਨ ਨੇ 87.53 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਨਵਜੋਤ ਕੌਰ ਨੇ 84.61 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਡਾਇਰੈਕਟਰ ਤੇ ਪਿ੍ੰਸੀਪਲ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਰਹੇਗਾ | ਇਸ ਮੌਕੇ ਹੋਰ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਵੀ ਹਾਜ਼ਰੀ ਲਗਾਈ ਅਤੇ ਵਿਦਿਆਰਥੀਆਂ ਦੀ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |