ਫ਼ਤਹਿਗੜ੍ਹ ਸਾਹਿਬ, 20 ਮਈ (ਬਲਜਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜੂਨ ਨੂੰ ਐਸ.ਆਈ.ਆਰ. ਸ਼ੁਰੂ ਹੋ ਰਹੀ ਹੈ | ਇਸ ਸਬੰਧੀ ਹਰੇਕ ਪੋਲਿੰਗ ਸਟੇਸ਼ਨ 'ਤੇ ਬੀ.ਐਲ.ਏ ਲਗਾਏ ਜਾਣੇ ਹਨ | ਇਹ ਜਾਣਕਾਰੀ ਜ਼ਿਲ੍ਹਾ ਚੋਣ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਚੋਣ ਤਹਿਸੀਲਦਾਰ ਨਿਰਮਲਾ ਰਾਣੀ ਨੇ ਇਕ ਪੈੱ੍ਰਸ ਬਿਆਨ ਰਾਹੀਂ ਮੀਡੀਆ ਨਾਲ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਜਨਵਰੀ 2003 ਯੋਗਤਾ ਮਿਤੀ ਨਿਰਧਾਰਿਤ ਕੀਤੀ ਗਈ ਹੈ | ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾ ਸਕਦੇ ਹਨ | ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਐਸ.ਆਰ.ਆਈ. ਦੇ ਕੰਮ ਨੂੰ ਹੋਰ ਸੁਖਾਵੇਂ ਤਰੀਕੇ ਨੇਪਰੇ ਚੜ੍ਹਾਇਆ ਜਾ ਸਕੇ |