18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਟੁੱਟੀਆਂ ਸੜਕਾਂ ਤੇ ਹਾਦਸਿਆਂ ਦੇ ਮੁੱਦੇ 'ਤੇ ਭਾਜਪਾ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ

Ad Position 21
No active advertisement
ਅਜੀਤ ਡੈਸਕ 22-05-2026
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਭੱਟੀ ਫਾਰਮ ਸਰਹਿੰਦ ਵਿਚ ਆਯੋਜਿਤ ਕੀਤੀ ਗਈ | ਇਸ ਮੀਟਿੰਗ ਵਿਚ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ, ਜਿੱਥੇ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ, ਟੁੱਟੀਆਂ ਸੜਕਾਂ ਅਤੇ ਲਗਾਤਾਰ ਵਾਪਰ ਰਹੇ ਹਾਦਸਿਆਂ ਦੇ ਮੁੱਦੇ 'ਤੇ ਗੰਭੀਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ 'ਆਪ' ਨੂੰ ਖ਼ੁਦ ਇਹ ਨਹੀਂ ਪਤਾ ਕਿ ਉਹ ਆਿਖ਼ਰ ਕਿਸ ਮੁੱਦੇ 'ਤੇ ਚੋਣ ਲੜ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਅੱਜ ਵੀ ਟੁੱਟੀਆਂ ਸੜਕਾਂ, ਗੰਦਗੀ ਅਤੇ ਹੋਰ ਬੁਨਿਆਦੀ ਮੁਸ਼ਕਿਲਾਂ ਨਾਲ ਜੂਝ ਰਹੇ ਹਨ, ਜਦਕਿ ਸਰਕਾਰ ਵੱਡੇ-ਵੱਡੇ ਵਿਕਾਸ ਪ੍ਰੋਜੈਕਟਾਂ ਦੇ ਦਾਅਵੇ ਕਰਨ ਵਿਚ ਮਸਰੂਫ਼ ਹੈ | ਭੱਟੀ ਨੇ ਕਿਹਾ ਕਿ ਸਰਹਿੰਦ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸੜਕਾਂ ਦੀ ਹਾਲਤ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਕਈ ਥਾਵਾਂ 'ਤੇ ਸੜਕਾਂ ਵਿਚ ਵੱਡੇ-ਵੱਡੇ ਖੱਡੇ ਪਏ ਹੋਏ ਹਨ, ਜਿਸ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਅਤੇ ਸਥਾਨਕ ਵਿਧਾਇਕ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਬਜਾਏ ਸਿਰਫ਼ ਪ੍ਰਚਾਰਬਾਜ਼ੀ ਕਰ ਰਹੇ ਹਨ | ਉਨ੍ਹਾਂ ਪਿਛਲੇ ਦਿਨੀਂ ਮੈਨ ਮਾਜਰੀ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਟੁੱਟੀਆਂ ਸੜਕਾਂ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਲਗਪਗ 10 ਸ਼ਰਧਾਲੂਆਂ ਨੂੰ ਆਪਣੀ ਜਾਨ ਗਵਾਉਣੀ ਪਈ | ਇਸ ਤੋਂ ਇਲਾਵਾ ਸ਼ਹਿਰ 'ਚੋਂ ਲੰਘਦੇ ਇਕ ਰਸਤੇ 'ਤੇ ਪਏ ਡੂੰਘੇ ਖੱਡੇ ਵਿਚ ਵਾਹਨ ਟਕਰਾਉਣ ਕਾਰਨ ਇਕ ਨੌਜਵਾਨ ਦੀ ਵੀ ਮੌਤ ਹੋ ਗਈ | ਭੱਟੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਬਾਵਜੂਦ ਸਰਕਾਰ ਦੀ ਕਾਰਗੁਜ਼ਾਰੀ ਵਿਚ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸੜਕਾਂ ਦੀ ਮੁਰੰਮਤ ਅਤੇ ਸੰਭਾਲ ਕੀਤੀ ਜਾਂਦੀ ਤਾਂ ਕਈ ਕੀਮਤੀ ਜਾਨਾਂ ਬਚ ਸਕਦੀਆਂ ਸਨ | ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਮੀਟਿੰਗ ਦੌਰਾਨ ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਸ਼ਹਿਰ ਅਤੇ ਇਲਾਕੇ ਦੀਆਂ ਖ਼ਸਤਾਹਾਲ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਹਾਦਸਿਆਂ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਭਾਜਪਾ ਵਲੋਂ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਸੀਨੀਅਰ ਮੀਤ ਪ੍ਰਧਾਨ ਰਸ਼ਪਿੰਦਰ ਸਿੰਘ ਢਿੱਲੋਂ, ਸੀਨੀਅਰ ਆਗੂ ਸਰਬਜੀਤ ਸਿੰੰਘ ਮੱਖਣ ਅਤੇ ਹੋਰ ਵੀ ਸੀਨੀਅਰ ਲੀਡਰਸ਼ਿਪ ਸ਼ਾਮਿਲ ਸੀ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ. 19 ਵਿਚ ਚੋਣ ਪ੍ਰਚਾਰ ਤੇਜ਼ ਅਗਲੀ ਖ਼ਬਰ ਡੀ.ਬੀ.ਯੂ. ਦੇ ਖੇਤੀਬਾੜੀ ਵਿਦਿਆਰਥੀਆਂ ਨੇ ਟਿਵਾਣਾ ਬੀ ਫਾਰਮ ਦੇ ਅਨੁਭਵੀ ਦੌਰੇ ਨਾਲ ਵਿਸ਼ਵ ਸ਼ਹਿਦ ਦੀ ਮੱਖੀ ਦਿਵਸ ਮਨਾਇ...
Ad Position 24