16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ-ਡਿਪਟੀ ਕਮਿਸ਼ਨਰ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਇਸ ਅਧੀਨ ਪੰਜਾਬ ਰਾਜ ਵਿਚ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ | ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਅੱਜ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਰੂਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਵਿਚ ਐਸ.ਆਈ.ਆਰ. ਕਰਵਾਉਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਫ਼ਤਹਿਗੜ੍ਹ 'ਚ 544 ਬੂਥਾਂ 'ਤੇ 544 ਬੀ.ਐਲ.ਓਜ਼., 55 ਸੁਪਰਵਾਈਜ਼ਰ, 3 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤੇ 6 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 4 ਲੱਖ 55 ਹਜ਼ਾਰ 206 ਵੋਟਰਾਂ 'ਚੋਂ 3 ਲੱਖ 96 ਹਜ਼ਾਰ 292 ਵੋਟਰ ਮੈਪ ਕਰ ਦਿੱਤੇ ਗਏ ਹਨ, ਜੋ ਕਿ 87 ਫ਼ੀਸਦੀ ਬਣਦਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਜ਼ਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ ਐਸ.ਆਈ.ਆਰ. ਦੀ ਪ੍ਰਕਿਰਿਆ ਕਾਫ਼ੀ ਆਸਾਨ ਹੋਵੇਗੀ | ਜੇਕਰ ਕੋਈ ਵੋਟਰ ਐਸ.ਆਈ.ਆਰ. ਅਧੀਨ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫ਼ਟ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਦਾਅਵੇ ਅਤੇ ਇਤਰਾਜ਼ ਮਿਤੀ 31 ਜੁਲਾਈ ਤੋਂ 30 ਅਗਸਤ ਤੱਕ ਲਏ ਜਾਣਗੇ, ਜਿਨ੍ਹਾਂ ਦਾ ਨਿਪਟਾਰਾ ਮਿਤੀ 28 ਸਤੰਬਰ ਤੱਕ ਕਰਦੇ ਹੋਏ ਮਿਤੀ 1 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ | ਐਸ.ਆਈ.ਆਰ. ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ ਮਿਤੀ 24 ਜੁਲਾਈ ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿਚ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ | ਉਨ੍ਹਾਂ ਦੱਸਿਆ ਕਿ ਮਿਤੀ 15 ਜੂਨ ਤੋਂ ਮਿਤੀ 24 ਜੂਨ ਤੱਕ ਐਸ.ਆਈ.ਆਰ. ਸਬੰਧੀ ਬੀ.ਐਲ.ਓਜ਼. ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਦਾ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਪੀਲ ਕੀਤੀ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐਸ.ਆਈ.ਆਰ. ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ | ਇਸ ਅਨੁਸਾਰ ਮੀਡੀਆ ਅਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ-ਸਮੇਂ 'ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਵੋਟਰ 1950 ਹੈਲਪਲਾਈਨ 'ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ 'ਚੋਂ ਬਾਹਰ ਕਰਨਾ ਹੋਵੇਗਾ | ਇਸ ਮੌਕੇ ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਦਫ਼ਤਰ ਅੱਗੇ ਨਰੇਗਾ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਾਰਡ ਨੰਬਰ. 13 'ਚ ਸ਼ਿਲਪਾ ਲੋਧੀ ਦੇ ਹੱਕ 'ਚ ਵਿਧਾਇਕ ਗੈਰੀ ਬੜਿੰਗ ਨੇ ਕੀਤਾ ਜ਼ੋਰਦਾਰ ਚੋਣ ਪ੍ਰਚਾਰ
Ad Position 24